Punjab
PRTC-PUNBUS ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ
ਪੰਜਾਬ ਵਿੱਚ PRTC-PUNBUS ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ ਹੈ। 21 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਬੈਠੇ ਮੁਲਾਜ਼ਮਾਂ ਨੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਯੂਨੀਅਨ ਦਾ ਦੋਸ਼ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਕੋਈ ਠੋਸ ਹੱਲ ਨਹੀਂ ਨਿਕਲਿਆ। ਇਸੇ ਵਿਚਕਾਰ ਅੱਜ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੰਜਾਬ ਵਿਧਾਨ ਸਭਾ ਵੱਲ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ PRTC-PUNBUS ਦੇ ਕੱਚੇ ਮੁਲਾਜ਼ਮ ਵੀ ਸ਼ਾਮਲ ਹੋਣਗੇ।
ਪੱਕੀ ਨੌਕਰੀ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਅਤੇ ਆਊਟਸੋਰਸਿੰਗ ਪ੍ਰਣਾਲੀ ਖ਼ਤਮ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਟਰਾਂਸਪੋਰਟ ਮੁਲਾਜ਼ਮਾਂ ਦਾ ਸੰਘਰਸ਼ ਤੇਜ਼ ਹੋ ਗਿਆ ਹੈ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਮੰਗਾਂ ਦਾ ਸਥਾਈ ਹੱਲ ਨਹੀਂ ਨਿਕਲਿਆ।
ਮੁਲਾਜ਼ਮਾਂ ਦੀ ਮੰਗ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਦੇ ਨਿਯਮਾਂ ਅਨੁਸਾਰ ਪੱਕਾ ਕੀਤਾ ਜਾਵੇ, ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗ ਅਧੀਨ ਲਿਆਂਦਾ ਜਾਵੇ ਅਤੇ ਪਿਛਲੇ ਸੰਘਰਸ਼ਾਂ ਦੌਰਾਨ ਮੁਲਾਜ਼ਮਾਂ ਖ਼ਿਲਾਫ਼ ਦਰਜ ਕੀਤੇ ਗਏ ਪੁਲਿਸ ਕੇਸ ਵਾਪਸ ਲਏ ਜਾਣ।
ਇਸ ਤੋਂ ਇਲਾਵਾ, ਕਿਲੋਮੀਟਰ ਸਕੀਮ ਤਹਿਤ ਨਿੱਜੀ ਬੱਸਾਂ ਚਲਾਉਣ ਦੇ ਮੁੱਦੇ ’ਤੇ ਵੀ ਮੁਲਾਜ਼ਮ ਜਥੇਬੰਦੀਆਂ ਵੱਲੋਂ ਇਤਰਾਜ਼ ਜਤਾਇਆ ਜਾ ਰਿਹਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰੀ ਬੱਸ ਸੇਵਾ ਨੂੰ ਮਜ਼ਬੂਤ ਕਰਨ ਅਤੇ ਮੁਲਾਜ਼ਮਾਂ ਦੇ ਰੁਜ਼ਗਾਰ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਜਾਣ।
ਹੁਣ ਅੱਜ ਦਾ ਵਿਧਾਨ ਸਭਾ ਵੱਲ ਕੂਚ ਇਸ ਸੰਘਰਸ਼ ਦਾ ਅਹਿਮ ਪੜਾਅ ਮੰਨਿਆ ਜਾ ਰਿਹਾ ਹੈ। ਵੱਖ-ਵੱਖ ਜਥੇਬੰਦੀਆਂ ਦੇ ਇਸ ਪ੍ਰਦਰਸ਼ਨ ਦੌਰਾਨ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖੀਆਂ ਜਾਣਗੀਆਂ।
ਦੂਜੇ ਪਾਸੇ, ਹੜਤਾਲ ਕਾਰਨ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਹੋਣ ਨਾਲ ਆਮ ਯਾਤਰੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਚੱਲ ਰਿਹਾ ਇਹ ਟਕਰਾਅ ਕਦੋਂ ਖ਼ਤਮ ਹੁੰਦਾ ਹੈ, ਹੁਣ ਸਭ ਦੀਆਂ ਨਜ਼ਰਾਂ ਇਸ ’ਤੇ ਟਿਕੀਆਂ ਹੋਈਆਂ ਹਨ।
