Connect with us

Punjab

“ਪਠਾਣਮਾਜਰਾ ਦੇ ਸਮਾਗਮ ‘ਚ ਸੁਖਬੀਰ ਬਾਦਲ ਤੇ ਸਿਰਸਾ ਦੀ ਹਾਜ਼ਰੀ ਨਾਲ ਚਰਚੇ ਤੇਜ਼, MLA ਬੋਲੇ- ਫ਼ਿਲਹਾਲ AAP ਨਹੀਂ ਛੱਡ ਰਿਹਾ” 

Published

on

ਬੀਤੇ ਦਿਨ ਆਮ ਆਦਮੀ ਪਾਰਟੀ ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਜੇਲ੍ਹ ਤੋਂ ਬਾਹਰ ਆਉਣ ਦੀ ਖੁਸ਼ੀ ਅਤੇ ਸ਼ੁਕਰਾਨੇ ਵਜੋਂ ਆਪਣੇ ਪਿੰਡ ਪਠਾਣਮਾਜਰਾ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪਿੰਡ ਘੜਾਮ ਦੀ ਮੰਡੀ ਵਿੱਚ ਇੱਕ ਵਿਸ਼ਾਲ ਸਮਾਗਮ ਕਰਵਾਇਆ। ਇਸ ਪ੍ਰੋਗਰਾਮ ਵਿੱਚ ਇਲਾਕੇ ਦੇ ਵੱਡੀ ਗਿਣਤੀ ਲੋਕਾਂ ਦੇ ਨਾਲ-ਨਾਲ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਕਈ ਪ੍ਰਮੁੱਖ ਆਗੂਆਂ ਨੇ ਵੀ ਸ਼ਿਰਕਤ ਕੀਤੀ।

ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਭਾਜਪਾ ਦੇ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਮਦਨ ਲਾਲ ਜਲਾਲਪੁਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਇਹ ਚਰਚਾ ਤੇਜ਼ ਹੋ ਗਈ ਕਿ ਹਰਮੀਤ ਸਿੰਘ ਪਠਾਣਮਾਜਰਾ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਜਾਂ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।

ਜਦੋਂ ਇਸ ਸਬੰਧੀ ਪਠਾਣਮਾਜਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਸਿਰਫ਼ ਅਫਵਾਹਾਂ ਹਨ ਅਤੇ ਉਹ ਫ਼ਿਲਹਾਲ ਆਮ ਆਦਮੀ ਪਾਰਟੀ ਨਹੀਂ ਛੱਡ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪ੍ਰੋਗਰਾਮ ਵਿੱਚ ਸਾਰੀਆਂ ਹੀ ਪਾਰਟੀਆਂ ਦੇ ਆਗੂ ਪਹੁੰਚੇ ਸਨ। ਮਨਜਿੰਦਰ ਸਿੰਘ ਸਿਰਸਾ ਬਾਰੇ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੇ ਰਿਸ਼ਤੇਦਾਰ ਹਨ, ਇਸ ਲਈ ਉਹ ਵਿਸ਼ੇਸ਼ ਤੌਰ ‘ਤੇ ਸਮਾਗਮ ਵਿੱਚ ਸ਼ਾਮਲ ਹੋਏ ਸਨ।
ਹਾਲਾਂਕਿ ਜਦੋਂ ਉਨ੍ਹਾਂ ਤੋਂ ਇਹ ਪੁੱਛਿਆ ਗਿਆ ਕਿ ਕੀ ਭਵਿੱਖ ਵਿੱਚ ਉਹ ਕਿਸੇ ਹੋਰ ਪਾਰਟੀ ਵਿੱਚ ਜਾ ਸਕਦੇ ਹਨ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਸਮਾਂ ਆਉਣ ‘ਤੇ ਹੀ ਵੇਖਿਆ ਜਾਵੇਗਾ।

ਆਗਾਮੀ ਵਿਧਾਨ ਸਭਾ ਚੋਣਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਪਠਾਣਮਾਜਰਾ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਟਿਕਟ ਨਹੀਂ ਵੀ ਦਿੰਦੀ ਤਾਂ ਵੀ ਉਨ੍ਹਾਂ ਨੂੰ ਕਿਸੇ ਨਾ ਕਿਸੇ ਪਾਰਟੀ ਤੋਂ ਟਿਕਟ ਮਿਲ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਲੜਨ ਲਈ ਪੇਸ਼ਕਸ਼ਾਂ ਮਿਲ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਪਿਛਲੀਆਂ ਬਰਸਾਤਾਂ ਦੌਰਾਨ ਪਠਾਣਮਾਜਰਾ ਨੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਲੈ ਕੇ ਆਪਣੀ ਹੀ ਸਰਕਾਰ ਦੀ ਆਲੋਚਨਾ ਕੀਤੀ ਸੀ। ਉਨ੍ਹਾਂ ਉਸ ਵੇਲੇ ਅਧਿਕਾਰੀਆਂ, ਖ਼ਾਸ ਕਰਕੇ ਸਕੱਤਰ ਕ੍ਰਿਸ਼ਨ ਕੁਮਾਰ, ਨੂੰ ਹੜ੍ਹਾਂ ਦੀ ਰੋਕਥਾਮ ਵਿੱਚ ਅਣਗਹਿਲੀ ਲਈ ਜ਼ਿੰਮੇਵਾਰ ਠਹਿਰਾਇਆ ਸੀ। ਇਸ ਤੋਂ ਬਾਅਦ ਉਨ੍ਹਾਂ ਵਿਰੁੱਧ ਕਾਰਵਾਈ ਸ਼ੁਰੂ ਹੋਈ ਅਤੇ ਬਲਾਤਕਾਰ ਸਮੇਤ ਹੋਰ ਮਾਮਲਿਆਂ ਵਿੱਚ ਕੇਸ ਦਰਜ ਕੀਤੇ ਗਏ।
ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਸੀ ਕਿ ਪਠਾਣਮਾਜਰਾ ਖ਼ਿਲਾਫ਼ ਕੇਸ ਪਹਿਲਾਂ ਤੋਂ ਹੀ ਦਰਜ ਸਨ ਅਤੇ ਗ੍ਰਿਫ਼ਤਾਰੀ ਦੇ ਖ਼ਤਰੇ ਨੂੰ ਦੇਖਦਿਆਂ ਉਨ੍ਹਾਂ ਨੇ ਸਰਕਾਰ ਦੀ ਆਲੋਚਨਾ ਸ਼ੁਰੂ ਕਰ ਦਿੱਤੀ ਸੀ। ਦੂਜੇ ਪਾਸੇ ਪਠਾਣਮਾਜਰਾ ਲਗਾਤਾਰ ਇਹ ਦਾਅਵਾ ਕਰਦੇ ਰਹੇ ਕਿ ਉਨ੍ਹਾਂ ਨੂੰ ਆਪਣੇ ਹਲਕੇ ਦੇ ਲੋਕਾਂ ਦੇ ਹੱਕ ਵਿੱਚ ਆਵਾਜ਼ ਉਠਾਉਣ ਅਤੇ ਸੱਚ ਬੋਲਣ ਦੀ ਸਜ਼ਾ ਦਿੱਤੀ ਜਾ ਰਹੀ ਹੈ।

ਬਲਾਤਕਾਰ ਦੇ ਮਾਮਲੇ ਬਾਰੇ ਪਠਾਣਮਾਜਰਾ ਦਾ ਕਹਿਣਾ ਸੀ ਕਿ ਸ਼ਿਕਾਇਤ ਕਰਨ ਵਾਲੀ ਔਰਤ ਉਨ੍ਹਾਂ ਦੀ ਦੂਜੀ ਪਤਨੀ ਸੀ ਅਤੇ ਇਸ ਸਬੰਧੀ ਉਨ੍ਹਾਂ ਨੇ ਅਦਾਲਤ ਵਿੱਚ ਸਬੂਤ ਵੀ ਪੇਸ਼ ਕੀਤੇ ਸਨ। ਪੁਲਿਸ ਕਾਰਵਾਈ ਤੋਂ ਬਾਅਦ ਉਹ ਕੁਝ ਸਮਾਂ ਫ਼ਰਾਰ ਰਹੇ। ਇੱਕ ਵਾਰ ਕਰਨਾਲ ਵਿੱਚ ਆਪਣੇ ਰਿਸ਼ਤੇਦਾਰ ਦੇ ਘਰੋਂ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਵੀ ਉਹ ਪੁਲਿਸ ਹਿਰਾਸਤ ਵਿੱਚੋਂ ਨਿਕਲਣ ਵਿੱਚ ਕਾਮਯਾਬ ਰਹੇ ਅਤੇ ਬਾਅਦ ਵਿੱਚ ਵਿਦੇਸ਼ ਚਲੇ ਗਏ ਸਨ।
ਹਾਲ ਹੀ ਵਿੱਚ ਉਨ੍ਹਾਂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਅਦਾਲਤ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਉਹ ਰਿਹਾਅ ਹੋ ਗਏ। ਇਸੇ ਖੁਸ਼ੀ ਅਤੇ ਸ਼ੁਕਰਾਨੇ ਵਜੋਂ ਉਨ੍ਹਾਂ ਨੇ ਆਪਣੇ ਗ੍ਰਹਿ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਵਾਏ ਅਤੇ ਪਿੰਡ ਘੜਾਮ ਦੀ ਮੰਡੀ ਵਿੱਚ ਧੰਨਵਾਦ ਸਮਾਗਮ ਕਰਵਾਇਆ, ਜਿਸ ਵਿੱਚ ਵੱਡੀ ਗਿਣਤੀ ਲੋਕਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ।

ਕੁਲਵੰਤ ਸਿੰਘ ਗੱਗੜਪੁਰੀ