Punjab
ਮਹਿਲਾ ਕਮਿਸ਼ਨ ਦੀ ਤਲਬੀ ਦੇ ਬਾਵਜੂਦ ਨਹੀਂ ਪੇਸ਼ ਹੋਏ ਸੁਖਪਾਲ ਖਹਿਰਾ
ਪੰਜਾਬ ਦੀਆਂ ਔਰਤਾਂ ਬਾਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵਿਵਾਦਿਤ ਬਿਆਨ ਦਿੱਤਾ ਸੀ, ਜਿਸ ਨੂੰ ਲੈ ਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਤਲਬ ਕੀਤਾ ਗਿਆ ਸੀ ਪਰ ਇੱਥੇ ਦੱਸ ਦੇਈਏ ਕਿ ਕਾਂਗਰਸੀ ਵਿਧਾਇਕ ਖਹਿਰਾ ਅੱਜ ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ, ਸਗੋਂ ਉਨ੍ਹਾਂ ਦੀ ਥਾਂ ‘ਤੇ ਉਨ੍ਹਾਂ ਦੇ ਪੁੱਤਰ ਅਤੇ ਵਕੀਲ ਮਹਿਤਾਬ ਸਿੰਘ ਖਹਿਰਾ ਨੇ ਕਮਿਸ਼ਨ ਦੇ ਦਫ਼ਤਰ ਪਹੁੰਚ ਕੇ ਉਨ੍ਹਾਂ ਦਾ ਪੱਖ ਪੇਸ਼ ਕੀਤਾ ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ 1,000 ਰੁਪਏ ਦੀ ਮਹੀਨਾਵਾਰ ਵਿੱਤੀ ਸਹਾਇਤਾ ਬਾਰੇ ਸੁਖਪਾਲ ਖਹਿਰਾ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਟਿੱਪਣੀ ਕੀਤੀ ਸੀ। ਮਹਿਲਾ ਕਮਿਸ਼ਨ ਨੇ ਇਸ ਟਿੱਪਣੀ ਨੂੰ ਔਰਤਾਂ ਦੀ ਮਾਨ-ਮਰਿਆਦਾ ਦੇ ਖ਼ਿਲਾਫ਼ ਮੰਨਦਿਆਂ ਇਸ ਦਾ ਸੂ-ਮੋਟੋ ਨੋਟਿਸ ਲਿਆ ਸੀ ਅਤੇ ਖਹਿਰਾ ਨੂੰ 12 ਮਾਰਚ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਸੀ।
ਕਮਿਸ਼ਨ ਦੀ ਚੇਅਰਪਰਸਨ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਸੀ ਕਿ ਸਿਆਸੀ ਲਾਹੇ ਲਈ ਔਰਤਾਂ ਵਿਰੁੱਧ ਭੱਦੀ ਸ਼ਬਦਾਵਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸੁਖਪਾਲ ਖਹਿਰਾ ਦੇ ਪੇਸ਼ ਨਾ ਹੋਣ ‘ਤੇ ਉਨ੍ਹਾਂ ਦੇ ਪੁੱਤਰ ਮਹਿਤਾਬ ਖਹਿਰਾ ਨੇ ਕਾਨੂੰਨੀ ਪੱਖ ਰੱਖਦਿਆਂ ਆਪਣਾ ਜਵਾਬ ਦਾਖ਼ਲ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵੀ ਕਾਫ਼ੀ ਹੰਗਾਮਾ ਹੋਇਆ, ਜਿੱਥੇ ਖਹਿਰਾ ਵਿਰੁੱਧ ਨਿੰਦਾ ਮਤਾ ਪਾਸ ਕਰਕੇ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਭੇਜ ਦਿੱਤਾ ਗਿਆ ਹੈ।
