Amritsar
ਤਰਨਾ ਦਲ ਵੱਲੋਂ ਸਿੱਧਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੈਲੰਜ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥ ‘ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੂੰ ਕੁਝ ਨਿਹੰਗ ਸਿੰਘਾਂ ਵਲੋਂ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜ੍ਹੀ ਗੁਰਦਾਸ ਨੰਗਲ ਗੁਰਦਾਸਪੁਰ ਵਿਖੇ ਅੰਮ੍ਰਿਤ ਪਾਨ ਕਰਵਾਉਣ ਦੇ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਕਾਰਵਾਈ ਕਰਦਿਆਂ ਸਬੰਧਿਤ ਗੁਰਦੁਆਰਾ ਸਾਹਿਬ ਦੇ 3 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਮੁਲਜ਼ਮਾਂ ‘ਚ ਗੁਰਦੁਆਰਾ ਸਾਹਿਬ ਵਿਖੇ ਤਾਇਨਾਤ ਰਛਪਾਲ ਸਿੰਘ ਇੰਚਾਰਜ, ਭਾਈ ਖੁਸ਼ਵੰਤ ਸਿੰਘ ਗ੍ਰੰਥੀ ਤੇ ਭਾਈ ਹਰਮੀਤ ਸਿੰਘ ਕਥਾਵਾਚਕ ਸ਼ਾਮਿਲ ਹਨ।ਜਿਸ ਤੋਂ ਬਾਅਦ ਅੱਜ ਅੰਮ੍ਰਿਤਸਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਦਮਦਮੀ ਟਕਸਾਲ ਅਤੇ ਹੋਰ ਸਿੱਖ ਜਥੇਬੰਦੀਆਂ ਪਹੁੰਚੀਆਂ ਤੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਪੰਜਾਂ ਸਿੰਘ ਸਾਹਿਬਾਨਾਂ ਨੂੰ ਵੀ ਪੰਥ ਚੋਂ ਛੇਕਿਆ ਜਾਵੇ ਤਾਂ ਜੋ ਅਗਾਂਹ ਤੋਂ ਕੋਈ ਵੀ ਸਿੰਘ ਇਸ ਤਰ੍ਹਾਂ ਦੀ ਕੁਤਾਹੀ ਨਾ ਵਰਤੇ।
ਉਨ੍ਹਾਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਰਨਾ ਦਲ ਵੱਲੋਂ ਸਿੱਧਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੈਲੰਜ ਕੀਤਾ ਗਿਆ ਹੈ ਕਿ ਜਿਸ ਆਦਮੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥ ਚੋਂ ਛੇਕਿਆ ਹੋਵੇ ਉਸ ਨੂੰ ਉਹ ਕਿੱਦਾਂ ਸ਼ਾਮਿਲ ਕਰ ਸਕਦੇ ਨੇ ਅਤੇ ਅੱਜ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬੇਨਤੀ ਕਰਨ ਆਏ ਹਾਂ ਤੇ ਮੰਗ ਪੱਤਰ ਦੇਣਾ ਹੈ ਕਿ ਜਿਸ ਤਰ੍ਹਾਂ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪੰਥ ਚੋਂ ਛੇਕਿਆ ਗਿਆ ਹੈ ਉਸੇ ਤਰ੍ਹਾਂ ਬਾਕੀਆਂ ਨੂੰ ਵੀ ਛੇਕਿਆ ਜਾਵੇ ।