Punjab
ਪੰਜਾਬ ‘ਚ ਪੈ ਸਕਦੀ ਹੈ ਭਿਆਨਕ ਗਰਮੀ, ਸਿਹਤ ਵਿਭਾਗ ਨੇ ਲੋਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
ਸੂਬੇ ‘ਚ ਇਸ ਗਰਮੀ ਦੇ ਮੌਸਮ ‘ਚ ਦਿਨੋਂ-ਦਿਨ ਤਾਪਮਾਨ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 10 ਤੋਂ 20 ਦਿਨਾਂ ਵਿੱਚ ਇਸ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ ਅਤੇ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ: ਦਵਿੰਦਰਜੀਤ ਕੌਰ ਨੇ ਦੱਸਿਆ ਕਿ ਕੁਝ ਸਾਵਧਾਨੀਆਂ ਵਰਤ ਕੇ ਗਰਮੀ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਇਸ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀ, ਮਾਨਸਿਕ ਰੋਗੀ, ਦਿਲ ਦੇ ਰੋਗੀਆਂ ਨੂੰ ਵੱਧ ਤਾਪਮਾਨ ਤੋਂ ਬਚਣਾ ਚਾਹੀਦਾ ਹੈ।
ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੜਕਦੀ ਧੁੱਪ ਵਿੱਚ ਬਾਹਰ ਨਾ ਨਿਕਲੋ। ਜੇਕਰ ਪਿਆਸ ਨਾ ਲੱਗੇ ਤਾਂ ਹਰ ਅੱਧੇ ਘੰਟੇ ਬਾਅਦ ਪਾਣੀ ਪੀਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਬੇਚੈਨੀ ਦੇ ਨਾਲ ਮਾਨਸਿਕ ਸੰਤੁਲਨ ਵਿੱਚ ਤਬਦੀਲੀ, ਸ਼ਬਦਾਂ ਨੂੰ ਸਮਝਣ ਵਿੱਚ ਦਿੱਕਤ, ਚਿੜਚਿੜਾਪਨ, ਜੀਭ ਦਾ ਅਕੜਾਅ, ਤੁਰਨ ਵਿੱਚ ਮੁਸ਼ਕਲ, ਗਰਮ ਲਾਲ ਅਤੇ ਖੁਸ਼ਕ ਚਮੜੀ, ਸਰੀਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਵਧਣਾ, ਤੇਜ਼ ਸਿਰਦਰਦ, ਚੱਕਰ ਆਉਣਾ, ਬੇਹੋਸ਼ੀ ਆਦਿ ਸ਼ਾਮਲ ਹਨ। ਜੇਕਰ ਮਾਸਪੇਸ਼ੀਆਂ ਦੀ ਕਮਜ਼ੋਰੀ, ਕੜਵੱਲ, ਉਲਟੀਆਂ, ਤੇਜ਼ ਧੜਕਣ ਆਦਿ ਵਰਗੇ ਲੱਛਣ ਦਿਖਾਈ ਦਿੰਦੇ ਹਨ, ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।