Connect with us

Punjab

ਹੁਸ਼ਿਆਰਪੁਰ ‘ਚ ਵਾਪਰਿਆ ਹਾਦਸਾ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਹੋਈ ਮੌਤ

Published

on

ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਪਿੰਡ ਸਿੰਬਲੀ ਨੇੜੇ ਐਤਵਾਰ ਨੂੰ ਵਾਪਰੇ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਐਤਵਾਰ ਸਵੇਰੇ ਕਰੀਬ 11 ਵਜੇ ਪਿੰਡ ਅਜਦਾਮ ਦਾ ਰਹਿਣ ਵਾਲਾ ਤਰਸੇਮ ਲਾਲ ਆਪਣੀ ਪਤਨੀ ਚਰਨਜੀਤ ਕੌਰ ਆਪਣੇ ਲੜਕੇ ਸੰਨੀ ਕੁਮਾਰ ਨਾਲ ਸਕੂਟਰ ‘ਤੇ ਫਗਵਾੜਾ ਵੱਲ ਜਾ ਰਿਹਾ ਸੀ। ਜਦੋਂ ਉਹ ਸਿੰਬਲੀ ਕੋਲ ਪੁੱਜੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੇਹਟੀਆਣਾ ਦੇ ਏਐਸਆਈ ਓਮਕਾਰ ਸਿੰਘ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਰਖਵਾਇਆ ਗਿਆ ਹੈ। ਮਾਰਨ ਵਾਲੇ ਵਿਅਕਤੀ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ। ਹਾਦਸੇ ਕਾਰਨ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਹੈ।