Punjab
ਸੂਬੇ ਭਰ ਦੀਆਂ ਮੰਡੀਆਂ ‘ਚ ਅੱਜ ਕਣਕ ਦੀ ਆਮਦ 105 ਲੱਖ ਮੀਟ੍ਰਿਕ ਟਨ ਨੂੰ ਕਰ ਗਈ ਪਾਰ
ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ 105 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ ਅਤੇ ਪਿਛਲੇ ਸਾਲ ਦੇ ਪੂਰੇ ਸੀਜ਼ਨ ਦੌਰਾਨ ਹੋਈ 102.7 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਨੂੰ ਪਾਰ ਕਰ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਏਜੰਸੀਆਂ ਵੱਲੋਂ 100 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜੋ ਕਿ ਪਿਛਲੇ ਸਾਲ ਦੇ ਸੀਜ਼ਨ ਦੌਰਾਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਕੁੱਲ 96.45 ਲੱਖ ਮੀਟ੍ਰਿਕ ਟਨ ਦੀ ਖਰੀਦ ਨੂੰ ਪਾਰ ਕਰ ਗਿਆ ਹੈ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੱਜ ਮੰਡੀਆਂ ਵਿੱਚ 4.5 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਕੁੱਲ ਖਰੀਦ ਪਿਛਲੇ ਸੀਜ਼ਨ ਦੇ ਮੁਕਾਬਲੇ ਘੱਟੋ-ਘੱਟ 20 ਲੱਖ ਮੀਟ੍ਰਿਕ ਟਨ ਵੱਧ ਹੋਵੇਗੀ। ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਇੱਕ ਵਾਰ ਫਿਰ ਦਰਸਾ ਦਿੱਤਾ ਹੈ ਕਿ ਪੰਜਾਬ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਨ ਵਿੱਚ ਮੋਹਰੀ ਹੈ ਕਿਉਂਕਿ ਇਸ ਸਾਲ ਪੰਜਾਬ ਕੇਂਦਰੀ ਅਨਾਜ ਭੰਡਾਰ ਵਿੱਚ 50 ਫੀਸਦੀ ਤੋਂ ਵੱਧ ਕਣਕ ਦਾ ਯੋਗਦਾਨ ਪਾਉਣ ਲਈ ਤਿਆਰ ਹੈ।
ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਅਦਾਇਗੀ ‘ਤੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੇ ਸਾਰੇ ਰਿਕਾਰਡਾਂ ਨੂੰ ਮਾਤ ਦਿੰਦੇ ਹੋਏ 5,72,822 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ 18,366 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਕੀਤੀ ਜਾਵੇ। ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਕਾਰਵਾਈ ਕਰਦਿਆਂ ਕਣਕ ਦੀ ਖਰੀਦ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਕਣਕ ਦੇ ਖਰੀਦ ਸੀਜ਼ਨ ਦੌਰਾਨ ਸੂਬੇ ਵਿੱਚ ਵਹੀਕਲ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਲਾਗੂ ਕੀਤਾ ਗਿਆ ਹੈ ਅਤੇ ਹੁਣ ਤੱਕ ਵੀ.ਟੀ.ਐਸ. ਸਿਸਟਮ ਨਾਲ ਸਥਾਪਿਤ ਵਾਹਨਾਂ ਦੀ ਗਿਣਤੀ 30000 ਨੂੰ ਪਾਰ ਕਰ ਗਈ ਹੈ ਅਤੇ ਹੁਣ ਤੱਕ ਵੀ.ਟੀ.ਐਸ. ਇਸ ਰਾਹੀਂ 202250 ਤੋਂ ਵੱਧ ਆਨਲਾਈਨ ਗੇਟ ਪਾਸ ਜਾਰੀ ਕੀਤੇ ਗਏ ਹਨ।