Punjab
7 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ ‘ਚੋਂ ਮਿਲੀ ਲਾਸ਼,ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਗੁਰਦਾਸਪੁਰ : ਜੰਡਿਆਲਾ ਗੁਰੂ ਦੀ ਨਹਿਰ ‘ਚ ਗੁਰਦਾਸਪੁਰ ਦੇ ਪਿੰਡ ਨਾਥਪੁਰਾ ਤੋਂ ਨੌਜਵਾਨ ਸਵਰਨ ਸਿੰਘ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਸ਼ਰਵਣ ਪਿਛਲੇ ਸੱਤ ਦਿਨਾਂ ਤੋਂ ਲਾਪਤਾ ਸੀ, ਜਿਸਦੀ ਸ਼ਿਕਾਇਤ ਉਸਦੇ ਪਰਿਵਾਰਕ ਮੈਂਬਰਾਂ ਨੇ ਕਾਦੀਆਂ ਥਾਣੇ ਵਿੱਚ ਦਰਜ ਕਰਵਾਈ ਸੀ। ਦੂਜੇ ਪਾਸੇ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਸਵਰਨ ਸਿੰਘ ਪਿਛਲੇ ਸੱਤ ਦਿਨਾਂ ਤੋਂ ਲਾਪਤਾ ਸੀ। ਉਨ੍ਹਾਂ ਨੇ ਗੁੰਮਸ਼ੁਦਗੀ ਦੀ ਸ਼ਿਕਾਇਤ ਵੀ ਦਰਜ ਕਰਵਾਈ ਸੀ। ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਨੂੰ ਮ੍ਰਿਤਕ ਦੀ ਲਾਸ਼ ਜੰਡਿਆਲਾ ਗੁਰੂ ਤੋਂ ਇੱਕ ਨਹਿਰ ਵਿੱਚੋਂ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪੁਲਿਸ ਨੂੰ ਬਿਆਨ ਦਰਜ ਕਰਦੇ ਹੋਏ ਪੀੜਤ ਪਰਿਵਾਰ ਨੇ ਸ਼ੱਕ ਪ੍ਰਗਟ ਕੀਤਾ ਕਿ ਸਵਰਨ ਸਿੰਘ ਦਾ ਕਤਲ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਇੱਕ ਅੋਰਤ ਅਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।