National
ਨਵੀਂ ਸੰਸਦ ਭਵਨ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਰਾਸ਼ਟਰਪਤੀ ਤੋਂ ਉਦਘਾਟਨ ਕਰਨ ਦੀ ਮੰਗ

ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਚੁੱਕਿਆ ਹੈ। ਨਵੀਂ ਸੰਸਦ ਭਵਨ ਦਾ ਰਾਸ਼ਟਰਪਤੀ ਵੱਲੋਂ ਉਦਘਾਟਨ ਕਰਵਾਉਣ ਲਈ ਸੁਪਰੀਮ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਐਡਵੋਕੇਟ ਸੀਆਰ ਜਯਾ ਸੁਕਿਨ ਦੁਆਰਾ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਨੂੰ ਸੰਸਦ ਭਵਨ ਦੇ ਉਦਘਾਟਨੀ ਸਮਾਰੋਹ ਤੋਂ ਦੂਰ ਰੱਖਣਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ। ਅਜਿਹਾ ਕਰਕੇ ਭਾਰਤ ਸਰਕਾਰ ਵੱਲੋਂ ਸੰਵਿਧਾਨ ਦਾ ਸਤਿਕਾਰ ਨਹੀਂ ਕੀਤਾ ਜਾ ਰਿਹਾ ਹੈ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੰਸਦ ਭਾਰਤ ਦੀ ਸਰਵਉੱਚ ਵਿਧਾਨਕ ਸੰਸਥਾ ਹੈ, ਜੋ ਰਾਸ਼ਟਰਪਤੀ ਅਤੇ ਲੋਕ ਸਭਾ ਅਤੇ ਰਾਜ ਸਭਾ ਇਨ੍ਹਾਂ ਦੋਵਾਂ ਸਦਨਾਂ ਨਾਲ ਮਿਲ ਕੇ ਬਣੀ ਹੈ। ਰਾਸ਼ਟਰਪਤੀ ਕੋਲ ਕਿਸੇ ਵੀ ਸਦਨ ਨੂੰ ਤਲਬ ਕਰਨ ਅਤੇ ਮੁਅੱਤਲ ਕਰਨ ਦਾ ਅਧਿਕਾਰ ਹੈ। ਇੰਨਾ ਹੀ ਨਹੀਂ, ਉਸ ਕੋਲ ਸੰਸਦ ਜਾਂ ਲੋਕ ਸਭਾ ਨੂੰ ਭੰਗ ਕਰਨ ਦਾ ਵੀ ਅਧਿਕਾਰ ਹੈ।
ਵਿਰੋਧੀ ਪਾਰਟੀਆਂ ਨੇ ਬਾਈਕਾਟ ਕੀਤਾ
ਪੀਐਮ ਮੋਦੀ ਵੱਲੋਂ ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਕਾਂਗਰਸ, ਟੀਐਮਸੀ, ਆਰਜੇਡੀ ਸਮੇਤ 19 ਪਾਰਟੀਆਂ ਨੇ ਵਿਰੋਧ ਕੀਤਾ ਹੈ। ਇਨ੍ਹਾਂ ਪਾਰਟੀਆਂ ਨੇ 28 ਮਈ ਨੂੰ ਹੋਣ ਵਾਲੇ ਉਦਘਾਟਨ ਸਮਾਰੋਹ ਦਾ ਬਾਈਕਾਟ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਦਾ ਉਦਘਾਟਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਕਰਵਾਇਆ ਜਾਵੇ। ਇਸ ਦੇ ਨਾਲ ਹੀ ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਕਿਹਾ ਕਿ ਜੇਕਰ ਲੋਕ ਸਭਾ ਸਪੀਕਰ ਓਮ ਬਿਰਲਾ ਨਵੇਂ ਸੰਸਦ ਭਵਨ ਦਾ ਉਦਘਾਟਨ ਨਹੀਂ ਕਰਦੇ ਹਨ ਤਾਂ ਉਨ੍ਹਾਂ ਦੀ ਪਾਰਟੀ ਇਸ ਦਾ ਵਿਰੋਧ ਕਰੇਗੀ।