Punjab
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਤੋਹਫ਼ਾ, ਕਣਕ ਸਮੇਤ ਇੰਨ੍ਹਾਂ ਫਸਲਾਂ ਦੀ MSP ‘ਚ ਵਾਧਾ
ਨਵੀਂ ਦਿੱਲੀ : ਸਰਕਾਰ ਨੇ ਬੁੱਧਵਾਰ ਨੂੰ ਮੌਜੂਦਾ ਫਸਲ ਸਾਲ 2021-22 ਲਈ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ (MSP) 40 ਰੁਪਏ ਵਧਾ ਕੇ 2,015 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸਰ੍ਹੋਂ ਦਾ ਐਮਐਸਪੀ 400 ਰੁਪਏ ਵਧਾ ਕੇ 5,050 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCEA) ਦੀ ਮੀਟਿੰਗ ਵਿੱਚ ਇਸ ਸਬੰਧੀ ਫੈਸਲਾ ਲਿਆ ਗਿਆ।
ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਪੀਯੂਸ਼ ਗੋਇਲ ਅਤੇ ਅਨੁਰਾਗ ਠਾਕੁਰ ਨੇ ਹਾੜੀ ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧੇ ਬਾਰੇ ਜਾਣਕਾਰੀ ਦਿੱਤੀ। ਕੇਂਦਰੀ ਮੰਤਰੀ ਨੇ ਕਿਹਾ ਕਿ ਕਣਕ ਦੇ ਸਮਰਥਨ ਮੁੱਲ ਵਿੱਚ 40 ਰੁਪਏ, ਜੌ ਦੇ ਐਮਐਸਪੀ ਵਿੱਚ 35 ਰੁਪਏ, ਛੋਲਿਆਂ ਵਿੱਚ 130 ਰੁਪਏ, ਦਾਲ ਅਤੇ ਸਰ੍ਹੋਂ ਵਿੱਚ 400 ਰੁਪਏ ਅਤੇ ਸੂਰਜਮੁਖੀ ਵਿੱਚ 114 ਰੁਪਏ ਦਾ ਵਾਧਾ ਕੀਤਾ ਗਿਆ ਹੈ।
ਐਮਐਸਪੀ (ਘੱਟੋ ਘੱਟ ਸਮਰਥਨ ਮੁੱਲ) ਉਹ ਦਰ ਹੈ ਜਿਸ ਤੇ ਸਰਕਾਰ ਕਿਸਾਨਾਂ ਤੋਂ ਅਨਾਜ ਖਰੀਦਦੀ ਹੈ । ਮੌਜੂਦਾ ਸਮੇਂ, ਸਰਕਾਰ ਸਾਉਣੀ ਅਤੇ ਹਾੜੀ ਦੋਵਾਂ ਮੌਸਮਾਂ ਵਿੱਚ ਉਗਾਈਆਂ ਜਾਣ ਵਾਲੀਆਂ 23 ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਨਿਰਧਾਰਤ ਕਰਦੀ ਹੈ।