Connect with us

Punjab

ਮੁੱਖ ਮੰਤਰੀ ਨੇ ਅੰਮ੍ਰਿਤਸਰ ਦੇ ਮੇਅਰ ਨੂੰ ਸ਼ਹਿਰ ਦੇ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਦਿੱਤਾ ਭਰੋਸਾ

Published

on

capt. amarinder singh1

ਅੰਮਿ੍ਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮਿ੍ਰਤਸਰ ਨਗਰ ਨਿਗਮ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਦੇਣ ਦਾ ਭਰੋਸਾ ਦਿੱਤਾ ਅਤੇ ਉਨਾਂ ਨੂੰ ਇਸ ਲਈ ਵਿਆਪਕ ਪ੍ਰਸਤਾਵ ਭੇਜਣ ਲਈ ਕਿਹਾ।

ਸਥਾਨਕ ਨਗਰ ਨਿਗਮ ਦੇ ਕੌਂਸਲਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਮੇਅਰ ਨੂੰ ਨਾਗਰਿਕ ਸਹੂਲਤਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਨਾਲ ਸਬੰਧਤ ਉਨਾਂ ਦੀਆਂ ਚਿੰਤਾਵਾਂ ਦੇ ਤੁਰੰਤ ਨਿਪਟਾਰੇ ਦਾ ਭਰੋਸਾ ਦਿੱਤਾ। ਉਨਾਂ ਮੇਅਰ ਨੂੰ ਪਹਿਲ ਦੇ ਆਧਾਰ ’ਤੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣ ਲਈ ਵਿਸਥਾਰਤ ਪ੍ਰਸਤਾਵ ਭੇਜਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਦੁਆਰਾ ਇਸ ਦੀ ਸਮੀਖਿਆ ਕਰਕੇ ਲੋੜੀਂਦੇ ਫੰਡ ਜਾਰੀ ਕੀਤੇ ਜਾਣ।

ਮੁੱਖ ਮੰਤਰੀ ਨੇ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨਾਂ ਵਿੱਚੋਂ ਬਹੁਤਿਆਂ ਨੂੰ ਉਨਾਂ ਦਿਨਾਂ ਤੋਂ ਨਿੱਜੀ ਤੌਰ ’ਤੇ ਜਾਣਦੇ ਹਨ ਜਦੋਂ ਉਨਾਂ ਨੇ ਅੰਮਿ੍ਰਤਸਰ ਤੋਂ ਸੰਸਦੀ ਚੋਣ ਲੜੀ ਸੀ ਅਤੇ ਸੀਨੀਅਰ ਭਾਜਪਾ ਨੇਤਾ ਮਰਹੂਮ ਅਰੁਣ ਜੇਤਲੀ ਨੂੰ ਹਰਾਇਆ ਸੀ।

75ਵੇਂ ਆਜ਼ਾਦੀ ਦਿਹਾੜੇ ’ਤੇ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ 130 ਸਾਲ ਤੋਂ ਵੱਧ ਸਮੇਂ ਦੇ ਸੁਨਹਿਰੀ ਅਤੀਤ ਨਾਲ ਮਹਾਤਮਾ ਗਾਂਧੀ, ਮੋਤੀ ਲਾਲ ਨਹਿਰੂ, ਜਵਾਹਰ ਲਾਲ ਨਹਿਰੂ ਅਤੇ ਕਈ ਹੋਰ ਅਣਜਾਣ ਆਗੂਆਂ ਅਤੇ ਵਰਕਰਾਂ ਦੇ ਦਿਨਾਂ ਤੋਂ ਭਾਰਤੀ ਦੇ ਆਜ਼ਾਦੀ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ।

ਆਪਣੇ ਸਵਾਗਤੀ ਭਾਸ਼ਣ ਵਿੱਚ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ ਨੇ ਮੁੱਖ ਮੰਤਰੀ ਨੂੰ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਰੋਸਾਈ ‘ਗੁਰੂ ਕੀ ਨਗਰੀ’ ਦੇ ਸਰਵਪੱਖੀ ਵਿਕਾਸ ਲਈ 50 ਕਰੋੜ ਰੁਪਏ ਦੇ ਵਾਧੂ ਫੰਡ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਉਨਾਂ ਨੇ ਵਿਕਾਸ ਕਾਰਜਾਂ ਨੂੰ ਪ੍ਰਭਾਵਸਾਲੀ ਢੰਗ ਨਾਲ ਨੇਪਰੇ ਚਾੜਨ ਲਈ ਕੌਂਸਲਰਾਂ ਦੇ ਮਹੀਨਾਵਾਰ ਭੱਤਿਆਂ ਵਿੱਚ ਵਾਜਬ ਵਾਧੇ ਦੀ ਮੰਗ ਵੀ ਕੀਤੀ।

ਇਸ ਤੋਂ ਪਹਿਲਾਂ ਸਥਾਨਕ ਕੌਂਸਲਰ ਮੋਤੀ ਭਾਟੀਆ ਨੇ ਵੀ ਸ਼ਹਿਰ ਦੇ ਵਿਕਾਸ ਲਈ ਫੰਡਾਂ ਦਾ ਮੁੱਦਾ ਉਠਾਇਆ।ਇਸ ਮੌਕੇ ਮੇਅਰ ਜਿਨਾਂ ਨਾਲ ਕਮਿਸ਼ਨਰ ਨਗਰ ਨਿਗਮ ਮਾਲਵਿੰਦਰ ਸਿੰਘ ਜੱਗੀ ਵੀ ਮੌਜੂਦ ਸਨ, ਨੇ ਮੁੱਖ ਮੰਤਰੀ ਨੂੰ ਪਿਆਰ ਅਤੇ ਸਨੇਹ ਦੇ ਪ੍ਰਤੀਕ ਵਜੋਂ ਤੋਹਫੇ ਨਾਲ ਸਨਮਾਨਿਤ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ ਅਤੇ ਮੁਹੰਮਦ ਸਦੀਕ, ਵਿਧਾਇਕ ਤਰਸੇਮ ਸਿੰਘ ਡੀਸੀ, ਸੁਨੀਲ ਦੱਤੀ, ਹਰਪ੍ਰਤਾਪ ਸਿੰਘ ਅਜਨਾਲਾ, ਸੁਖਵਿੰਦਰ ਸਿੰਘ ਡੈਨੀ ਅਤੇ ਨਵਤੇਜ ਸਿੰਘ ਚੀਮਾ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਸਿਨਹਾ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਪੁਨੀਤ ਗੋਇਲ ਮੌਜੂਦ ਸਨ।