Connect with us

Punjab

ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ਼ ਜੰਗ ਤੇਜ਼, ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ

Published

on

ਚੰਡੀਗੜ੍ਹ:

ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਖਿਲਾਫ਼ ਜੰਗ ਹੋਰ ਤੇਜ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਨਸ਼ਾ ਤਸਕਰੀ ਦੇ ਘਿਨਾਉਣੇ ਜੁਰਮ ਵਿਚ ਸ਼ਾਮਲ ਤਸਕਰਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਦਿੱਤੇ ਹਨ।

ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਨਸ਼ਿਆਂ ਦੇ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਵੱਡੀਆਂ ਮੱਛੀਂ ਨੂੰ ਪਹਿਲਾਂ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਤੁਰੰਤ ਇਨ੍ਹਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ।

 ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਾਨੂੰਨ ਵਿਚ ਲੋੜੀਂਦੀ ਸੋਧ ਕਰਨ ਦੀ ਲੋੜ ਹੋਈ ਤਾਂ ਤੁਰੰਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਪੁਲੀਸ ਅਧਿਕਾਰੀ ਦੇ ਅਧਿਕਾਰ ਖੇਤਰ ਵਿਚ ਨਸ਼ਾ ਦੀ ਵਿਕਰੀ ਦਾ ਮਾਮਲਾ ਸਾਹਮਣੇ ਆਇਆ ਤਾਂ ਇਸ ਕੁਤਾਹੀ ਲਈ ਉਹ ਅਧਿਕਾਰੀ ਹੀ ਜੁਆਬਦੇਹ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਅਧਿਕਾਰੀਆਂ ਦੇ ਖਿਲਾਫ਼ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਖਿਆ ਕਿ ਪਿੰਡ ਵਾਸੀਆਂ ਵੱਲੋਂ ਆਪੋ-ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਬਸੰਮਤੀ ਨਾਲ ਮਤੇ ਪਾਸ ਕਰਨ ਨੂੰ ਯਕੀਨੀ ਬਣਾਇਆ ਜਾਵੇ।  ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੂੰ ਪੇਂਡੂ ਵਿਕਾਸ ਫੰਡ ਦੇ ਤਹਿਤ ਦਿੱਤੀਆਂ ਜਾਂਦੀਆਂ ਗਰਾਂਟਾਂ ਅਤੇ ਹੋਰ ਲਾਭ ਦੇਣ ਲਈ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਤੇ ਪਾਸ ਕਰਨ ਵਾਲੇ ਪਿੰਡਾਂ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇਗਾ।