Punjab
11ਵੀਂ ਜਮਾਤ ਦੇ ਵਿਦਿਆਰਥੀ ਅਰਮਾਨਦੀਪ ਸਿੰਘ ਦੀ ਪਟਿਆਲਾ ਨੇੜੇ ਭਾਖੜਾ ਨਹਿਰ ਵਿੱਚੋਂ ਮਿਲੀ ਲਾਸ਼
ਪੰਜਾਬ ਦੇ ਫਤਿਹਗੜ੍ਹ ਸਾਹਿਬ ‘ਚ ਸਰਹਿੰਦ ਭਾਖੜਾ ਨਹਿਰ ‘ਚੋਂ 11ਵੀਂ ਜਮਾਤ ਦੇ ਵਿਦਿਆਰਥੀ ਦੀ ਲਾਸ਼ ਬਰਾਮਦ ਹੋਈ ਹੈ। ਪਿਛਲੇ ਦਿਨੀਂ ਇੱਕ ਨਿੱਜੀ ਸਕੂਲ ਵਿੱਚ 11ਵੀਂ ਜਮਾਤ ਵਿੱਚ ਪੜ੍ਹਦਾ 15 ਸਾਲਾ ਨੌਜਵਾਨ ਅਰਮਾਨਦੀਪ ਸਿੰਘ ਵਾਸੀ ਦਸਮੇਸ਼ ਨਗਰ ਸਰਹਿੰਦ ਜੋ ਕਿ ਲਾਪਤਾ ਹੋ ਗਿਆ ਸੀ, ਉਸ ਦੀ ਲਾਸ਼ ਪਿੰਡ ਸਰਾਲਾ ਕਲਾਂ, ਜ਼ਿਲ੍ਹਾ ਪਟਿਆਲਾ ਨੇੜੇ ਭਾਖੜਾ ਨਹਿਰ ਵਿੱਚੋਂ ਮਿਲੀ ਹੈ।
ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਅਰਮਾਨਦੀਪ ਸਿੰਘ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਸੀ ਅਤੇ ਪਿਤਾ ਨੇ ਪੁੱਤਰ ਦੇ ਲਾਪਤਾ ਹੋਣ ਦੀ ਰਿਪੋਰਟ ਥਾਣਾ ਸਰਹਿੰਦ ਵਿਖੇ ਦਰਜ ਕਰਵਾਈ ਸੀ। ਉਸ ਦਾ ਮੋਟਰਸਾਈਕਲ ਪਿੰਡ ਤਰਖਾਣ ਮਾਜਰਾ ਨੇੜੇ ਭਾਖੜਾ ਨਹਿਰ ਕੋਲੋਂ ਬਰਾਮਦ ਹੋਇਆ। ਅਰਮਾਨਦੀਪ ਸਿੰਘ ਦੇ ਪਿਤਾ ਨਰਿੰਦਰ ਸਿੰਘ ਦੇ ਬਿਆਨਾਂ ‘ਤੇ ਥਾਣਾ ਸਰਹਿੰਦ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਰਮਾਨਦੀਪ ਦੇ ਪਿਤਾ ਨਰਿੰਦਰ ਸਿੰਘ ਨੂੰ ਸ਼ੱਕ ਸੀ ਕਿ ਕਿਸੇ ਨੇ ਉਸ ਦੇ ਲੜਕੇ ਨੂੰ ਅਗਵਾ ਕਰ ਲਿਆ ਹੈ। ਅਰਮਾਨਦੀਪ ਸਿੰਘ ਦੀ ਲਾਸ਼ ਦਾ ਰਜਿੰਦਰਾ ਹਸਪਤਾਲ ਪਟਿਆਲਾ ਤੋਂ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।