Governance
ਦਿੱਲੀ ਵਿਧਾਨ ਸਭਾ ਨੇ ਕੇਂਦਰ ਵੱਲੋਂ ਪਾਸ ਤਿੰਨੋਂ ਖੇਤੀ ਕਾਨੂੰਨ ਨੂੰ ਤੁਰੰਤ ਰੱਦ ਕਰਨ ਦਾ ਮਤਾ ਪਾਸ

ਦਿੱਲੀ ਵਿਧਾਨ ਸਭਾ ਨੇ ਕੇਂਦਰ ਵੱਲੋਂ ਪਾਸ ਤਿੰਨੋਂ ਖੇਤੀ ਕਾਨੂੰਨ ਤੁਰਤ ਰੱਦ ਕਰਨ ਦਾ ਮਤਾ ਪਾਸ ਕਰ ਦਿੱਤਾ ਹੈ। ਵਿਧਾਨ ਸਭਾ ਨੇ ਮਤਾ ਪਾਸ ਕਰਕੇ ਸਿਫਾਰਸ਼ ਕੀਤੀ ਕਿ ਕੇਂਦਰ ਸਰਕਾਰ ਪਿਛਲੇ ਸਾਲ ਸੰਸਦ ਵਿਚ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੂੰਨਾਂ ਨੂੰ ਤੁਰਤ ਰੱਦ ਕਰੇ। ਮਤੇ ਵਿਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ, ਵਿਰੋਧ ਕਰ ਰਹੇ ਕਿਸਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਗੱਲਬਾਤ ਦਾ ਸੱਦਾ ਦੇਵੇ। ਇਸ ਤੋਂ ਪਹਿਲਾਂ ਪੰਜਾਬ, ਪੱਛਮੀ ਬੰਗਾਲ, ਰਾਜਸਥਾਨ, ਛੱਤੀਸਗੜ੍ਹ, ਦਿੱਲੀ ਅਤੇ ਕੇਰਲ ਵਿਧਾਨ ਸਭਾਵਾਂ ਸਮੇਤ ਹੋਰ ਕਈਆਂ ਨੇ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਵਾਲੇ ਮਤੇ ਪਾਸ ਕੀਤੇ ਹਨ।
ਵਿਧਾਨ ਸਭਾ ਨੇ ‘ਦਿੱਲੀ ਵਸਤਾਂ ਤੇ ਸੇਵਾ ਕਰ ਬਿੱਲ 2021’ ਵੀ ਪਾਸ ਕਰ ਦਿੱਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਜੋ ਵਿੱਤ ਮਹਿਕਮਾ ਵੀ ਦੇਖਦੇ ਹਨ, ਨੇ ਇਹ ਸੋਧ ਬਿੱਲ ਪੇਸ਼ ਕਰਦਿਆਂ ਕਿਹਾ ਕਿ ਸੋਧਾਂ ਦਾ ਮਕਸਦ ਕਰ ਚੋਰੀ ਰੋਕਣਾ ਅਤੇ ਵਧੇਰੇ ਟੈਕਸ ਇਕੱਠਾ ਕਰਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਤਬਦੀਲੀਆਂ ਵਪਾਰੀਆਂ ਦੇ ਕੰਮਕਾਜ ਵਿੱਚ ਤੇਜ਼ੀ ਲਿਆਉਣ ਲਈ ਮਦਦਗਾਰ ਸਾਬਤ ਹੋਣਗੀਆਂ।