Punjab
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਵੱਖ-ਵੱਖ ਵਾਤਾਵਰਣ ਪੱਖੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
ਪਟਿਆਲਾ,
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕਿਹਾ ਕਿ ਜ਼ਿਲ੍ਹੇ ‘ਚ ਪ੍ਰਦੂਸ਼ਣ ਨੂੰ ਰੋਕਣ ਲਈ ਚੱਲ ਰਹੇ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ‘ਚ ਪੂਰਾ ਕੀਤਾ ਜਾਵੇ ਅਤੇ ਕੌਮੀ ਗ੍ਰੀਨ ਟ੍ਰਿਬਿਊਨਲ (ਐਨ. ਜੀ. ਟੀ) ਅਤੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਚੱਲ ਰਹੀਆਂ ਵੱਖ-ਵੱਖ ਵਾਤਾਵਰਣ ਪੱਖੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ, ਪਲਾਸਟਿਕ ਵੇਸਟ ਮੈਨੇਜਮੈਂਟ, ਈ-ਵੇਸਟ ਮੈਨੇਜਮੈਂਟ, ਰੇਨ ਵਾਟਰ ਹਾਰਵੈਸਟਿੰਗ, ਇੰਡਸਟ੍ਰੀਅਲ ਵੇਸਟ ਮੈਨੇਜਮੈਂਟ, ਸੀਵਰੇਜ ਟ੍ਰੀਟਮੈਂਟ ਪਲਾਂਟਾਂ, ਬੂਟੇ ਲਾਉਣ ਆਦਿ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫਾਫਿਆਂ ਦੇ ਬਦਲ ਵਜੋਂ ਵਰਤੋਂ ਕੀਤੇ ਜਾ ਸਕਦੇ ਹੋਰ ਸਾਮਾਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੀ ਜ਼ਰੂਰਤ ਹੈ, ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜੇਲ ਬੰਦੀਆਂ ਵੱਲੋਂ ਬਣਾਏ ਜਾਂਦੇ ਵਾਤਾਵਰਣ ਪੱਖੀ ਕੈਰੀ ਬੈਗਜ਼ ਦੀ ਵਰਤੋਂ ਵਧਾਉਣ ‘ਤੇ ਜੋਰ ਦਿੱਤਾ।
ਮੀਟਿੰਗ ਦੌਰਾਨ ਉਨ੍ਹਾਂ ਨਗਰ ਨਿਗਮ, ਨਗਰ ਕੌਂਸਲਾਂ ਦੇ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਕੂੜੇ ਦੀ ਸੌ ਫੀਸਦੀ ਡੋਰ-ਟੂ-ਡੋਰ ਕੁਲੈਕਸ਼ਨ ਤੇ ਸੈਗਰੀਗੇਸ਼ਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿਚ ਪਾਣੀ, ਹਵਾ ਅਤੇ ਧਰਤੀ ਨੂੰ ਸੰਭਾਲਣ ਦੀ ਲੋੜ ਹੈ, ਇਸ ਲਈ ਪੂਰੀ ਗੰਭੀਰਤਾ ਨਾਲ ਵਾਤਾਵਰਣ ਸਬੰਧੀ ਐਕਸਨ ਪਲਾਨ ਅਨੁਸਾਰ ਤੈਅ ਟੀਚਿਆਂ ਨੂੰ ਸਮਾਂ ਹੱਦ ਅੰਦਰ ਪੂਰਾ ਕੀਤਾ ਜਾਵੇ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਧਰਤੀ ਹੇਠਲਾ ਜਲ ਸੰਭਾਲਣ ਲਈ ਯਤਨਸ਼ੀਲ ਹੈ, ਉਥੇ ਹੀ ਨਦੀਆਂ, ਨਾਲਿਆਂ ਤੇ ਦਰਿਆਵਾਂ ਦਾ ਪਾਣੀ ਵੀ ਪਲੀਤ ਹੋਣ ਤੋਂ ਰੋਕਣ ਲਈ ਵਚਨਬਧ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਈਸ਼ਾ ਸਿੰਗਲ, ਐਸ.ਡੀ.ਐਮ. ਇਸਮਿਤ ਵਿਜੈ ਸਿੰਘ, ਚਰਨਜੀਤ ਸਿੰਘ, ਹਿਮਾਂਸੂ, ਕੰਨੂ ਗਰਗ, ਨਵਰੀਤ ਕੌਰ, ਸੁਯੰਕਤ ਕਮਿਸ਼ਨਰ ਨਗਰ ਨਿਗਮ ਨਮਨ ਮੜਕਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਨਵਤੇਸ਼ ਸਿੰਗਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।