Punjab
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮ ਦਾ ਲਿਆ ਜਾਇਜ਼ਾ
ਪਟਿਆਲਾ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਿਛਲੇ ਮਹੀਨੇ ਜਾਰੀ ਕੀਤੀਆਂ ਹਦਾਇਤਾਂ ਉਤੇ ਸਿਹਤ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਦਿਆਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਹਰੇਕ ਕੰਮ ਨੂੰ ਸਮਾਂਬੱਧ ਕਰੇ ਤਾਂ ਜੋ ਕੰਮ ਦੇ ਬਿਹਤਰ ਨਤੀਜੇ ਸਾਹਮਣੇ ਆ ਸਕਣ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਤੇ ਸਿਵਲ ਸਰਜਨ ਡਾ. ਰਾਜੂ ਧੀਰ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਆਮ ਲੋਕਾਂ ਨੂੰ ਆਉਂਦੀ ਮੁਸ਼ਕਲ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਵਿਅਕਤੀ ਦੀ ਮੌਤ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਹੋ ਜਾਂਦੀ ਹੈ ਤਾਂ ਹਸਪਤਾਲ ਵਿਅਕਤੀ ਨੂੰ ਮ੍ਰਿਤਕ ਐਲਾਨਣ ਤੋਂ ਬਾਅਦ ਮੌਤ ਦਾ ਸਰਟੀਫਿਕੇਟ ਵੀ ਜਾਰੀ ਕਰਨ। ਉਨ੍ਹਾਂ ਕਿਹਾ ਹਸਪਤਾਲ ਸਟਾਫ਼ ਮੌਤ ਹਸਪਤਾਲ ਤੋਂ ਬਾਹਰ ਹੋਣ ਕਾਰਨ ਮੌਤ ਦਾ ਸਰਟੀਫਿਕੇਟ ਜਾਰੀ ਨਹੀ ਕਰਦਾ, ਜਿਸ ਕਾਰਨ ਮ੍ਰਿਤਕ ਦੇ ਪਰਿਵਾਰ ਨੂੰ ਔਖੀ ਘੜੀ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਐਸ.ਐਮ.ਓਜ਼ ਅਤੇ ਹਸਪਤਾਲ ਸਟਾਫ਼ ਇਸ ਪ੍ਰਤੀ ਸੰਵੇਦਨਸ਼ੀਲ ਰਵੱਈਆ ਅਪਣਾਉਣ।
ਸਾਕਸ਼ੀ ਸਾਹਨੀ ਨੇ ਮੀਟਿੰਗ ਦੌਰਾਨ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਦਾ ਜਾਇਜ਼ਾ ਲੈਂਦਿਆਂ ਸਕੂਲ ਵਿੱਚ ਪੜਦੇ ਛੋਟੇ ਬੱਚਿਆਂ ਦੀ ਸਿਹਤ ਜਾਂਚ ਕਰਨ ਅਤੇ ਸਹੀ ਸਮੇਂ ਟੀਕਾਕਰਨ ਕਰਵਾਉਣ ਲਈ ਮਾਤਾ-ਪਿਤਾ ਨੂੰ ਜਾਗਰੂਕ ਲਈ ਮੁਹਿੰਮ ਚਲਾਉਣ ਲਈ ਕਿਹਾ। ਉਨ੍ਹਾਂ 14 ਨਵੰਬਰ ਨੂੰ ਬਾਲ ਦਿਵਸ ਮੌਕੇ ਬੱਚਿਆਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਲਗਾਉਣ ਲਈ ਵੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਨਨੀ ਸ਼ਿਸ਼ੂ ਸੁਰੱਖਿਆ ਕਾਰ੍ਰਿਆਕਰਮ, ਜਨਨੀ ਸੁਰੱਖਿਆ ਯੋਜਨਾ, ਸੁਮਨ, ਪਰਿਵਾਰ ਨਿਯੋਜਨ, ਆਰ.ਬੀ.ਐਸ.ਕੇ, ਐਨ.ਪੀ.ਸੀ.ਬੀ., ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ, ਰਾਸ਼ਟਰੀ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਤੇ ਟੀ.ਬੀ. ਕੰਟਰੋਲ ਪ੍ਰੋਗਰਾਮ ਦੀ ਸਮੀਖਿਆ ਕੀਤੀ ਗਈ ਅਤੇ ਇਨ੍ਹਾਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨਿਰਦੇਸ਼ ਦਿੱਤੇ।
ਇਸ ਮੌਕੇ ਮੈਡੀਕਲ ਸੁਪਰਡੈਂਟ ਮਾਤਾ ਕੁਸ਼ਲਿਆ ਡਾ. ਸੰਦੀਪ ਕੌਰ ਨੇ ਦੱਸਿਆ ਕਿ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਓ.ਪੀ.ਡੀ. ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਟੋਕਨ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ ਤੇ ਰਜਿਸਟਰੇਸ਼ਨ ਕਰਵਾਉਣ ਲਈ ਕਾਊਂਟਰਾਂ ਦੀ ਗਿਣਤੀ ਚਾਰ ਤੋਂ ਛੇ ਕੀਤੀ ਗਈ ਹੈ। ਸਿਵਲ ਸਰਜਨ ਡਾ. ਰਾਜੂ ਧੀਰ ਨੇ ਮੀਟਿੰਗ ਦੌਰਾਨ ਵਿਭਾਗ ਦੀ ਪ੍ਰਗਤੀ ਰਿਪੋਰਟ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਸਫਲਤਾਪੂਰਵਕ ਚੱਲ ਰਹੀਆਂ ਹਨ। ਮੀਟਿੰਗ ‘ਚ ਜ਼ਿਲ੍ਹੇ ਦੇ ਸਮੂਹ ਐਸ.ਐਮ.ਓਜ਼. ਵੀ ਮੌਜੂਦ ਸਨ।