Punjab
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਸ਼ਹਿਰ ਦੇ ਸਰਕਾਰੀ ਸਕੂਲਾਂ ਦੇ ਪਖਾਨਿਆਂ ਦੀ ਸਫ਼ਾਈ ਲਈ ਵੈਨ ਰਵਾਨਾ

ਪਟਿਆਲਾ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਸ਼ਹਿਰ ਦੇ ਸਰਕਾਰੀ ਸਕੂਲਾਂ ਦੇ ਪਖਾਨਿਆਂ ਦੀ ਸਫ਼ਾਈ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸੈਨੀਟੇਸ਼ਨ ਵੈਨ ਨੂੰ ਰਵਾਨਾ ਕੀਤਾ। ਹਾਰਪਿਕ ਨੇ ਸੀ.ਐਸ.ਆਰ. ਤਹਿਤ ਪਟਿਆਲਾ ਸ਼ਹਿਰ ਵਿੱਚ ਨਿਵੇਕਲੀ ਪਹਿਲ ਕਰਦਿਆਂ ਇੱਕ ਅਤਿ ਆਧੁਨਿਕ ਤਕਨੀਕ ਵਾਲੀ ਸਕੂਲ ਸੈਨੀਟੇਸ਼ਨ ਵੈਨ ਰੈਕਿਟ, ਜਾਗਰਣ ਪਹਿਲ ਤੇ ਗਰੀਨ ਸਪਰਸ਼ ਫਾਊਂਡੇਸ਼ਨ ਦੇ ਸਹਿਯੋਗ ਨਾਲ ਚਲਾਈ ਹੈ, ਜੋ ਸ਼ਹਿਰ ਦੇ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਦੇ ਪਖਾਨਿਆਂ ਦੀ ਸਫ਼ਾਈ ਦਾ ਕੰਮ ਕਰੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹਾਰਪਿਕ ਵੱਲੋਂ ਕੀਤੀ ਪਹਿਲ ਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਨਅਤਾਂ ਵੱਲੋਂ ਸੀ.ਐਸ.ਆਰ. ਤਹਿਤ ਜੋ ਫ਼ੰਡ ਖਰਚੇ ਜਾਂਦੇ ਹਨ, ਉਨ੍ਹਾਂ ਦਾ ਲਾਭ ਲੋਕਾਂ ਦੀ ਜ਼ਿੰਦਗੀ ‘ਚ ਬਦਲਾਓ ਲਿਆਉਣ ਲਈ ਹੋਣਾ ਚਾਹੀਦਾ ਹੈ। ਉਨ੍ਹਾਂ ਹੋਰ ਸਨਅਤਾਂ ਨੂੰ ਵੀ ਸੀ.ਐਸ.ਆਰ ਫ਼ੰਡ ਦੀ ਵਰਤੋਂ ਸਮਾਜ ਭਲਾਈ ਦੇ ਕੰਮਾਂ ਵਿੱਚ ਲਗਾਉਣ ਦੀ ਅਪੀਲ ਕੀਤੀ ਤਾਂ ਕਿ ਸੀ.ਐਸ.ਆਰ. ਫੰਡਾਂ ਦੀ ਸਦਵਰਤੋਂ ਨਾਲ ਲੋਕਾਂ ਦੀ ਜ਼ਿੰਦਗੀ ਬਦਲ ਸਕੇ।
ਡਿਪਟੀ ਕਮਿਸ਼ਨਰ ਨੇ ਸਫ਼ਾਈ ਕਰਮਚਾਰੀ ਅਮਨ ਕੁਮਾਰ, ਸੌਰਵ ਕੁਮਾਰ ਤੇ ਡਰਾਈਵਰ ਕੁਲਵਿੰਦਰ ਸਿੰਘ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਮਿਹਨਤ ਸਦਕਾ ਹੀ ਅਸੀਂ ਬਿਮਾਰੀ ਤੋਂ ਬਚਦੇ ਹਾਂ। ਉਨ੍ਹਾਂ ਸਫ਼ਾਈ ਕਰਮਚਾਰੀਆਂ ਨਾਲ ਹੱਥ ਮਿਲਾਕੇ ਮਿਲੀ ਨਵੀਂ ਜ਼ਿੰਮੇਵਾਰੀ ਨੂੰ ਮਿਹਨਤ ਤੇ ਲਗਨ ਨਾਲ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਹਾਰਪਿਕ ਵਰਲਡ ਟਾਇਲਟ ਕਾਲਜ ਦੇ ਸਟੇਟ ਮੈਨੇਜਰ ਨੇ ਦੱਸਿਆ ਕਿ ਸੰਸਥਾ ਵੱਲੋਂ ਸਮੇਂ ਸਮੇਂ ਉਤੇ ਸਫ਼ਾਈ ਕਰਮਚਾਰੀਆਂ ਨੂੰ ਟ੍ਰੇਨਿੰਗ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਾਲ 2021 ਵਿੱਚ ਇਕ ਹਜ਼ਾਰ ਸਫ਼ਾਈ ਕਰਮਚਾਰੀਆਂ ਨੂੰ ਟ੍ਰੇਨਿੰਗ ਦਿੱਤੀ ਗਈ ਸੀ ਅਤੇ 2022 ਦੀ ਟੀਚਾ ਦੋ ਹਜ਼ਾਰ ਸਫ਼ਾਈ ਕਰਮਚਾਰੀਆਂ ਨੂੰ ਟ੍ਰੇਨਿੰਗ ਦੇਣ ਦਾ ਟੀਚਾ ਹੈ।
ਉਨ੍ਹਾਂ ਸੈਨੀਟੇਸ਼ਨ ਵੈਨ ਦੀਆਂ ਵਿਸ਼ੇਸ਼ਤਾਵਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੈਨ ਵਿਚ 1300 ਲੀਟਰ ਦਾ ਪਾਣੀ ਦਾ ਟੈਂਕ, ਪ੍ਰੈਸ਼ਰ ਮਸ਼ੀਨ, ਹਾਰਪਿਕ ਕਲੀਨਰ, ਟਾਈਲਾਂ ਦੀ ਸਫ਼ਾਈ ਲਈ ਰੇਡ ਹਾਰਪਿਕ ਕਲੀਨਰ ਦੀ ਵਰਤੋਂ ਕੀਤੀ ਜਾਵੇਗੀ ਜੋ ਗਰੀਨ ਸਪਰਸ਼ ਫਾਊਂਡੇਸ਼ਨ ਦੇ ਡਾਇਰੈਕਟਰ ਵਰਿੰਦਰ ਜਾਖੜ ਵੱਲੋਂ ਪਟਿਆਲਾ ਵਿਖੇ ਹੀ ਤਿਆਰ ਕੀਤਾ ਹੈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ ਨੇ ਦੱਸਿਆ ਕਿ ਸੰਸਥਾ ਦੇ ਸਹਿਯੋਗ ਨਾਲ ਸੈਨੀਟੇਸ਼ਨ ਵੈਨ ਦੀ ਮਦਦ ਨਾਲ ਰੋਜ਼ਾਨਾ ਦੋ ਤੋਂ ਤਿੰਨ ਸਕੂਲਾਂ ਦੇ ਪਖਾਨਿਆਂ ਦੀ ਸਫ਼ਾਈ ਕੀਤੀ ਜਾਵੇਗੀ ਅਤੇ ਇਸ ਦਾ ਪੂਰਾ ਰੂਟ ਪਲਾਨ ਦਿੱਤਾ ਜਾਵੇਗਾ ਅਤੇ ਸ਼ਹਿਰ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸ਼ਾਮਲ ਕੀਤਾ ਜਾਵੇਗਾ।
ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ, ਸੁਪਰਵਾਈਜ਼ਰ ਗੋਬਿੰਦ ਕੁਮਾਰ ਵੀ ਮੌਜੂਦ।