Punjab
ਸਿੱਖਿਆ ਸਕੱਤਰ ਵੱਲੋਂ ਅਧਿਆਪਕਾਂ ਵੱਲੋਂ ਜ਼ਿਲ੍ਹਾ ਪੱਧਰ ’ਤੇ ਪ੍ਰਾਪਤ ਕੀਤੇ ਜਾਂਦੇ ਅਵਾਰਡਾਂ ਸਬੰਧੀ ਸਖਤ ਦਿਸ਼ਾ-ਨਿਰਦੇਸ਼ ਜਾਰੀ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕਿਸ਼ਨ ਕੁਮਾਰ ਨੇ ਅਧਿਆਪਕਾਂ ਵੱਲੋਂ ਜ਼ਿਲ੍ਹਾ ਪੱਧਰ ’ਤੇ ਪ੍ਰਾਪਤ ਕੀਤੇ ਜਾਂਦੇ ਅਵਾਰਡਾਂ ਸਬੰਧੀ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੁੱਝ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ/ਵਿਭਾਗ ਦੀਆਂ ਸਿਫਾਰਸ਼ਾਂ ਤੋਂ ਬਿਨਾ ਅਵਾਰਡ ਪ੍ਰਾਪਤ ਕਰਨ ਦੇ ਕੇਸ ਵਿਭਾਗ ਦੇ ਧਿਆਨ ਵਿੱਚ ਆਏ ਹਨ। ਕਈ ਆਧਿਆਪਕਾਂ ਵੱਲੋਂ ਅਜਿਹੇ ਅਵਾਰਡ ਪ੍ਰਾਪਤ ਕੀਤੇ ਗਏ ਹਨ, ਜਿਨ੍ਹਾਂ ਦਾ ਸਿੱਖਿਆ ਨਾਲ ਕੋਈ ਵੀ ਸਬੰਧ ਨਹੀਂ ਹੈ। ਬੁਲਾਰੇ ਅਨੁਸਾਰ ਇਹ ਮਾਮਲਾ ਸਿੱਧੇ ਤੌਰ ’ਤੇ ਅਧਿਆਪਕ ਤਬਾਦਲਾ ਨੀਤੀ ਨਾਲ ਜੁੜਿਆ ਹੋਇਆ ਹੈ ਕਿਉਕਿ ਅਧਿਆਪਕਾਂ ਨੂੰ ਬਦਲੀਆਂ ਦੌਰਾਨ ਇਨ੍ਹਾਂ ਅਵਾਰਡਾਂ ਦੇ ਵਾਧੂ ਅੰਕ ਮਿਲਦੇ ਹਨ।
ਬੁਲਾਰੇ ਅਨੁਸਾਰ ਇਸ ਸੰਦਰਭ ਵਿੱਚ ਹੀ ਸਿੱਖਿਆ ਸਕੱਤਰ ਨੇ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਸਬੰਧਿਤ ਜ਼ਿਲ੍ਹਾ ਸਿੱਖਿਆ ਅਫਸਰ/ਵਿਭਾਗ ਦੀ ਪ੍ਰਵਾਨਗੀ ਤੋਂ ਬਿਨਾਂ ਪ੍ਰਾਪਤ ਕੀਤੇ ਅਵਾਰਡਾਂ ਨੂੰ ਅਧਿਆਪਕ ਤਬਾਦਲਾ ਨੀਤੀ ਦੇ ਹੇਠ ਵਾਧੂ ਅੰਕਾਂ ਦਾ ਲਾਭ ਨਾ ਦਿੱਤਾ ਜਾਵੇ। ਇਸ ਦੇ ਨਾਲ ਹੀ ਅਜਿਹੇ ਅਵਾਰਡਾਂ ਨੂੰ ਸਰਕਾਰੀ ਰਿਕਾਰਡ/ਸਰਵਿਸ ਬੁੱਕ ਆਦਿ ਵਿੱਚ ਕੋਈ ਵੀ ਇੰਦਰਾਜ ਨਾ ਕਰਨ ਦੀ ਵੀ ਹਦਾਇਤ ਕੀਤੀ ਗਈ ਹੈ।