Punjab
ਕਰਤਾਰਪੁਰ ਕੋਰੀਡੋਰ ਖੋਲ੍ਹਣ ਨੂੰ ਲੈਕੇ ਸਰਕਾਰ ਨੇ ਦਿੱਤਾ ਇਹ ਜਵਾਬ

ਚੰਡੀਗੜ੍ਹ : ਪਿਛਲੇ ਸਾਲ ਤੋਂ ਬੰਦ ਪਏ ਕਰਤਾਰਪੁਰ ਕਾਰੀਡੋਰ ਨੂੰ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਪਰ ਸਭ ਪਾਬੰਦੀਆਂ ਹਟਣ ਦੇ ਬਾਵਜੂਦ ਇਸ ਨੂੰ ਅਜੇ ਤੱਕ ਖੋਲ੍ਹਿਆ ਨਹੀਂ ਜਾ ਰਿਹਾ। ਸਰਕਾਰ ਨੇ ਇਸ ਦਾ ਜਵਾਬ ਦਿੰਦੇ ਹੋਏ, ਇਸ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਸਰਕਾਰ ਨੇ ਲੋਕ ਸਭਾ ਵਿੱਚ ਦੱਸਿਆ ਕਿ ਅਪ੍ਰੈਲ ਵਿੱਚ ਭਾਰਤ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਕਾਰਨ ਪਾਕਿਸਤਾਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ। ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਹ ਸਵਾਲ ਸੰਸਦ ਵਿੱਚ ਉਠਾਇਆ ਸੀ।
ਇਸ ਦੇ ਜਵਾਬ ਵਿੱਚ ਗ੍ਰਹਿ ਰਾਜ ਮੰਤਰੀ (MOS) ਨਿਤਿਆਨੰਦ ਰਾਏ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਰਾਹੀਂ ਸ਼ਰਧਾਲੂਆਂ ਦੀ ਆਵਾਜਾਈ ਮਾਰਚ 2020 ਵਿੱਚ ਕੋਵਿਡ-19 ਮਹਾਂਮਾਰੀ ਕਾਰਨ ਮੁਅੱਤਲ ਕਰ ਦਿੱਤੀ ਗਈ ਸੀ। ਮੰਤਰੀ ਨੇ ਅੱਗੇ ਕਿਹਾ ਪਾਕਿਸਤਾਨ ਦੇ ਰਾਸ਼ਟਰੀ ਕਮਾਂਡ ਤੇ ਸੰਚਾਲਨ ਕੇਂਦਰ (NOC) ਨੇ ਅਪ੍ਰੈਲ 2021 ਤੋਂ ਭਾਰਤ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਦਾ ਹਵਾਲਾ ਦਿੰਦੇ ਹੋਏ ਭਾਰਤ ਤੋਂ ਸਾਰੀ ਯਾਤਰਾ ‘ਤੇ ਪਾਬੰਦੀ ਲਾ ਦਿੱਤੀ ਹੈ।
ਦੱਸ ਦਈਏ ਕਿ ਭਾਰਤ ਨੇ 24 ਅਕਤੂਬਰ 2019 ਨੂੰ ਪਾਕਿਸਤਾਨ ਨਾਲ ਇੱਕ ਸਮਝੌਤੇ ‘ਤੇ ਹਸਤਾਖਰ ਕੀਤੇ ਸਨ। ਇਸ ਸਮਝੌਤੇ ਤਹਿਤ ਭਾਰਤੀ ਸ਼ਰਧਾਲੂਆਂ ਨੂੰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਤੱਕ ਸਾਲ ਭਰ ਵੀਜ਼ਾ ਮੁਕਤ ਯਾਤਰਾ ਕਰਨ ਦੀ ਆਗਿਆ ਹੈ।