Punjab
ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ
ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਣੀ ਹੈ। ਦੋਵਾਂ ਦੀ ਪਟੀਸ਼ਨ ’ਤੇ ਪਹਿਲਾਂ ਫਰੀਦਕੋਟ ਜ਼ਿਲ੍ਹਾ ਅਦਾਲਤ ਵੱਲੋਂ 14 ਮਾਰਚ ਅਤੇ ਫਿਰ 15 ਮਾਰਚ ਨੂੰ ਸੁਣਵਾਈ ਹੋਣੀ ਸੀ ਪਰ ਅਜਿਹਾ ਨਾ ਹੋਣ ਕਾਰਨ ਸੁਣਵਾਈ ਲਈ 16 ਮਾਰਚ ਦੀ ਤਰੀਕ ਤੈਅ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਬਾਰੀ ਮਾਮਲੇ ‘ਚ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤੇ ਗਏ ਚਾਰਜਸ਼ੀਟ ‘ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 5 ਪੁਲਸ ਅਧਿਕਾਰੀ ਮਾਰਚ ਨੂੰ ਅਦਾਲਤ ‘ਚ ਪੇਸ਼ ਹੋਏ ਸਨ। 23 ਨੂੰ ਆਪਣਾ ਪੱਖ ਪੇਸ਼ ਕਰਨ ਲਈ ਤਲਬ ਕੀਤਾ ਹੈ।
7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ
ਕੋਟਕਪੂਰਾ ਗੋਲੀ ਕਾਂਡ ਵਿੱਚ, SIT ਨੇ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਵੱਲੋਂ 24 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
ਇਸ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਮ ਸ਼ਾਮਲ ਹਨ।
ਕਿਸ ‘ਤੇ ਕੀ ਦੋਸ਼
ਚਾਰਜਸ਼ੀਟ ਅਨੁਸਾਰ ਕੋਟਕਪੂਰਾ ਗੋਲੀ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਵਜੋਂ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਨਾਮਜ਼ਦ ਕੀਤਾ ਗਿਆ ਹੈ। ਜਦਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਹੈ। ਤਤਕਾਲੀ ਆਈਜੀ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ‘ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਹੈ।
ਇਹ ਮਾਮਲਾ ਹੈ
12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਅਤੇ ਬਹਿਬਲਕਲਾਂ ਵਿੱਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਸਨ। 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਹੋਏ ਪ੍ਰਦਰਸ਼ਨਾਂ ਨੂੰ ਪੁਲਿਸ ਨੇ ਬਲ ਵਰਤ ਕੇ ਖਤਮ ਕਰ ਦਿੱਤਾ ਸੀ। ਬਹਿਬਲ ਕਲਾਂ ਵਿੱਚ ਪੁਲਿਸ ਗੋਲੀਬਾਰੀ ਵਿੱਚ ਦੋ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ। ਇਸ ਦੇ ਨਾਲ ਹੀ ਕੋਟਕਪੂਰਾ ਗੋਲੀਬਾਰੀ ਵਿੱਚ 100 ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ਪੁਲੀਸ ਨੇ 7 ਅਗਸਤ 2018 ਨੂੰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਸੀ।