Punjab
ਹਾਈਕੋਰਟ ਨੇ ਸੀਨੀਅਰ IAS ਸੰਜੇ ਪੋਪਲੀ ਨੂੰ ਝਟਕਾ, ਜ਼ਮਾਨਤ ਪਟੀਸ਼ਨ ਖਾਰਜ
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਉਨ੍ਹਾਂ ਦੀ ਨਿਯਮਤ ਜ਼ਮਾਨਤ ਦੀ ਮੰਗ ਨੂੰ ਰੱਦ ਕਰ ਦਿੱਤਾ। ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਆਈਏਐਸ ਸੰਜੇ ਪੋਪਲੀ ਨੂੰ ਨਾਮਜ਼ਦ ਕੀਤਾ ਸੀ ਅਤੇ ਉਸ ਨੂੰ 21 ਜੂਨ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ।
ਸੰਜੇ ਪੋਪਲੀ ਨੇ ਹਾਈਕੋਰਟ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕਰਦਿਆਂ ਕਿਹਾ ਸੀ ਕਿ ਇਸ ਮਾਮਲੇ ਦੀ ਜਾਂਚ ਪੂਰੀ ਹੋ ਚੁੱਕੀ ਹੈ ਅਤੇ ਚਲਾਨ ਵੀ ਪੇਸ਼ ਹੋ ਚੁੱਕਾ ਹੈ, ਇਸ ਲਈ ਹੁਣ ਉਸ ਨੂੰ ਇਸ ਮਾਮਲੇ ‘ਚ ਰੈਗੂਲਰ ਜ਼ਮਾਨਤ ਦਿੱਤੀ ਜਾਵੇ | ਹਾਈਕੋਰਟ ਨੇ 20 ਜਨਵਰੀ ਨੂੰ ਮਾਮਲੇ ‘ਚ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹੁਣ ਸੋਮਵਾਰ ਨੂੰ ਆਪਣਾ ਫੈਸਲਾ ਦਿੰਦੇ ਹੋਏ ਨਿਯਮਤ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ।
ਇਸ ਮਾਮਲੇ ਵਿੱਚ ਉਸ ਖ਼ਿਲਾਫ਼ ਮੁਹਾਲੀ ਵਿਜੀਲੈਂਸ ਬਿਊਰੋ ਦੇ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਸੰਜੇ ਪੋਪਲੀ ‘ਤੇ ਇਲਜ਼ਾਮ ਹੈ ਕਿ ਜਦੋਂ ਉਹ ਵਾਟਰ ਐਂਡ ਸੀਵਰੇਜ ਬੋਰਡ ਦੇ ਸੀਈਓ ਸਨ ਤਾਂ ਉਨ੍ਹਾਂ ਅਤੇ ਸਹਾਇਕ ਸਕੱਤਰ ਸੰਦੀਪ ਵਤਸ ਨੇ ਨਵਾਂਸ਼ਹਿਰ ਦੇ ਇੱਕ ਠੇਕੇਦਾਰ ਤੋਂ 7.30 ਕਰੋੜ ਰੁਪਏ ਦੇ ਬਿੱਲ ਦੀ ਅਦਾਇਗੀ ਦੇ ਬਦਲੇ 7 ਫੀਸਦੀ ਹਿੱਸੇ ਦੀ ਮੰਗ ਕੀਤੀ ਸੀ।