Punjab
ਹਾਈਕੋਰਟ ਨੇ ਘੇਰੀ ‘ਆਪ’ ਸਰਕਾਰ, ਨਵਜੋਤ ਸਿੱਧੂ ‘ਤੇ ਚੁੱਕੇ ਸਵਾਲ

ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਘਟਾਉਣ ਨੂੰ ਲੈ ਕੇ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਤੇ ਹਾਈਕੋਰਟ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ਨੂੰ ਲੈ ਕੇ ਗੰਭੀਰ ਨਹੀਂ ਹੈ। ਨਾ ਹੀ ਅਦਾਲਤ ਵੱਲੋਂ ਪਟੀਸ਼ਨਰ ਦੀ ਸੁਰੱਖਿਆ ਘਟਾਉਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਵਕੀਲ ਨੇ ਇਸ ਮਾਮਲੇ ਵਿੱਚ ਜਵਾਬ ਦਾਖ਼ਲ ਕਰਨ ਲਈ 2 ਹਫ਼ਤਿਆਂ ਦਾ ਹੋਰ ਸਮਾਂ ਮੰਗਿਆ ਹੈ। 2 ਹਫ਼ਤਿਆਂ ਦਾ ਸਮਾਂ ਦੇਣ ਤੋਂ ਇਨਕਾਰ ਕਰਦਿਆਂ ਅਦਾਲਤ ਨੇ ਸਰਕਾਰ ਨੂੰ 6 ਦਿਨ ਦਾ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਵੀਰਵਾਰ 18 ਮਈ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਗਏ ਹਨ।
ਪਟੀਸ਼ਨਕਰਤਾ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਪਟੀਸ਼ਨਰ ਦੀ ਸੁਰੱਖਿਆ ਲਈ 24 ਸਿਪਾਹੀ ਦੱਸੇ ਜਾ ਰਹੇ ਹਨ, ਪਰ ਹਰ ਸਮੇਂ 24 ਸੁਰੱਖਿਆ ਕਰਮਚਾਰੀ ਨਹੀਂ ਹੁੰਦੇ। ਅਦਾਲਤ ਨੂੰ ਕਿਹਾ ਗਿਆ ਕਿ ਜੇਕਰ ਇੰਨੀ ਸੁਰੱਖਿਆ ਦਿੱਤੀ ਜਾਂਦੀ ਤਾਂ ਅਣਪਛਾਤਾ ਵਿਅਕਤੀ ਘਰ ‘ਚ ਦਾਖਲ ਨਾ ਹੁੰਦਾ। ਸਰਕਾਰ ਵੱਲੋਂ ਕਿਹਾ ਗਿਆ ਕਿ ਸੁਰੱਖਿਆ ਕਿਸੇ ਦਾ ਅਧਿਕਾਰ ਨਹੀਂ ਹੈ। ਇਸ ‘ਤੇ ਸਿੱਧੂ ਦੇ ਵਕੀਲ ਨੇ ਕਿਹਾ ਕਿ ਸਰਕਾਰ ਨੂੰ ਅਦਾਲਤ ਨੂੰ ਦੱਸਣਾ ਚਾਹੀਦਾ ਹੈ ਕਿ ਜਿਨ੍ਹਾਂ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ, ਉਨ੍ਹਾਂ ਨੂੰ ਕੀ ਖਤਰਾ ਹੈ? ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਕਿਹਾ ਕਿ 18 ਮਈ ਤੱਕ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ।