Punjab
ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਹੋਵੇਗਾ ਕੁਝ ਹੀ ਦੇਰ ‘ਚ ਦੇਖੋ ਤਸਵੀਰਾਂ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਜਲਦ ਹੀ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ। ਪਿੰਡ ਦੇ ਸ਼ਮਸ਼ਾਨਘਾਟ ਵਿੱਚ ਥਾਂ ਦੀ ਘਾਟ ਕਾਰਨ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਖੇਤਾਂ ਵਿੱਚ ਹੀ ਕੀਤਾ ਜਾਵੇਗਾ। ਜੱਦੀ ਘਰ ਤੋਂ ਸਸਕਾਰ ਵਾਲੀ ਥਾਂ ਤੱਕ ਅੰਤਿਮ ਸੰਸਕਾਰ ਕੁਝ ਹੀ ਦੇਰ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਇੱਥੇ ਉਨ੍ਹਾਂ ਦੇ ਸਮਰਥਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ ਹੈ। ਇਸ ਤੋਂ ਪਹਿਲਾਂ ਸਵੇਰੇ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਵਿੱਚ ਰੱਖਿਆ ਗਿਆ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਐਨਸੀਪੀ ਮੁਖੀ ਸ਼ਰਦ ਪਵਾਰ ਵੀ ਇੱਥੇ ਦੁੱਖ ਪ੍ਰਗਟ ਕਰਨ ਪੁੱਜੇ।

95 ਸਾਲਾ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ 8.45 ਵਜੇ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਸਾਹ ਦੀ ਤਕਲੀਫ਼ ਤੋਂ ਬਾਅਦ ਉਨ੍ਹਾਂ ਨੂੰ ਇੱਥੇ ਦਾਖ਼ਲ ਕਰਵਾਇਆ ਗਿਆ ਸੀ। ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਉਹ ਲੰਬੀ ਵਿਧਾਨ ਸਭਾ ਸੀਟ ਤੋਂ ਲਗਾਤਾਰ 10 ਵਾਰ ਚੋਣ ਜਿੱਤੇ।

ਕੇਂਦਰੀ ਮੰਤਰੀ ਵੀ ਸ਼ਰਧਾਂਜਲੀ ਦੇਣ ਪਹੁੰਚੇ
ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਰਿਆਣਾ ਦੇ ਇਨੈਲੋ ਆਗੂ ਅਭੈ ਚੌਟਾਲਾ, ਕੇਂਦਰੀ ਮੰਤਰੀ ਸੋਮਨਾਥ, ਸਾਬਕਾ ਸਿਹਤ ਮੰਤਰੀ ਸੁਰਜੀਤ ਜਿਆਣੀ, ਕਾਂਗਰਸੀ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵੀ ਪੁੱਜੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਮੱਥਾ ਟੇਕਿਆ।
