Connect with us

Punjab

ਦੇਸ ਲਈ ਛੋਟੀ ਉਮਰ ਵਿੱਚ ਜਾਨ ਵਾਰਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਯਾਦ ਰੱਖਣਾ ਚਾਹੀਦਾ ਹੈ : ਪ੍ਰੋ. ਬਡੂੰਗਰ

Published

on

ਪਟਿਆਲਾ:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ  ਦੇਸ ਲਈ ਛੋਟੀ ਉਮਰ ਵਿੱਚ ਜਾਨ ਵਾਰਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲੇ ਨੌਜਵਾਨਾਂ ਨੂੰ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਵਿਖੇ ਮੰਗਲ ਸਿੰਘ ਅਤੇ ਬੀਬੀ ਸਾਹਿਬ ਕੌਰ ਦੇ ਘਰ ਹੋਇਆ ਤੇ ਛੋਟੀ ਉਮਰ ਵਿੱਚ ਹੀ ਉਸ ਦੇ ਪਿਤਾ ਜੀ ਦੀ ਮੌਤ ਹੋ ਗਈ ਅਤੇ ਉਸ ਦੇ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਦਾਦਾ ਬਚਨ ਸਿੰਘ ਦੇ ਮੋਢਿਆਂ ‘ਤੇ ਆ ਗਈ ਸੀ । ਉਨ੍ਹਾਂ ਕਿਹਾ ਕਿ  ਕਰਤਾਰ ਸਿੰਘ ਸਰਾਭਾ ਨੇ ਮੁੱਢਲੀ ਵਿੱਦਿਆ ਸਰਾਭਾ ਪਿੰਡ ਵਿੱਚ ਹੀ ਪ੍ਰਾਪਤ ਕੀਤੀ ਤੇ ਅੱਠਵੀਂ ਤੱਕ ਦੀ ਸਿੱਖਿਆ ਮਾਲਵਾ ਖਾਲਸਾ ਸਕੂਲ, ਲੁਧਿਆਣਾ ਤੋਂ ਪ੍ਰਾਪਤ ਕੀਤੀ।

ਇਸ ਮਗਰੋਂ ਕਰਤਾਰ ਸਿੰਘ ਆਪਣੇ ਚਾਚਾ ਵੀਰ ਸਿੰਘ ਜੋ ਉੜੀਸਾ ਦੇ ਸ਼ਹਿਰ ਕਟਕ ਵਿੱਚ ਡਾਕਟਰ ਲੱਗੇ ਹੋਏ ਸਨ, ਕੋਲ ਚਲਾ ਗਿਆ ਅਤੇ ਉੱਥੋਂ  ਦਸਵੀਂ ਤੱਕ ਦੀ ਪੜ੍ਹਾਈ ਕੀਤੀ। ਉਨ੍ਹਾਂ ਦੱਸਿਆ ਕਿ ਸਰਾਭਾ ਅਤੇ ਉਹਨਾਂ ਦੇ ਸਾਥੀਆਂ ਨੇ ਭਾਰਤ ਉੱਤੇ ਕਾਬਜ਼ ਬਰਤਾਨਵੀ ਹਕੂਮਤ ਨੂੰ ਉਖਾੜ ਸੁੱਟਣ ਲਈ ਅਮਰੀਕਾ ਅਤੇ ਕਨੇਡਾ ਵਿੱਚ ਵਸੇ ਭਾਰਤੀਆਂ ਨੂੰ ਇੱਕਜੁਟ ਕਰਨ ਦਾ ਕੰਮ ਕੀਤਾ ਸੀ। ਉਨ੍ਹਾਂ ਦੱਸਿਆ ਕਿ ਕਰਤਾਰ ਸਿੰਘ ਸਰਾਭਾ ਆਪਣੀ ਮੁਹਿੰਮ ਨੂੰ ਜਾਰੀ ਰੱਖਣ ਲਈ ਪੰਜਾਬ ਪਰਤ ਰਹੇ ਸਨ ਤਾਂ ਪੁਲਿਸ ਨੇ 2 ਮਾਰਚ 1915 ਨੂੰ ਸ਼ਾਹਪੁਰ ਜ਼ਿਲ੍ਹੇ ਵਿੱਚ ਵਿਲਸਨਪੁਰ ਵਿਖੇ 22ਵੀਂ ਘੋੜ-ਸਵਾਰ ਫ਼ੌਜ ਦੇ ਜਵਾਨਾਂ ਨੂੰ ਵਰਗਲਾਉਣ ਦੇ ਉਦੇਸ਼ ਨਾਲ ਆਇਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸਰਾਭੇ ਵਲੋਂ ਆਪਣੇ ਬਚਾਅ ਲਈ ਕੋਈ ਵਕੀਲ ਨਹੀਂ ਕੀਤਾ ਗਿਆ ਸੀ।

ਜਦੋਂ ਬਗ਼ਾਵਤ ਦੇ ਦੋਸ਼ ਅਧੀਨ ਕਰਤਾਰ ਸਿੰਘ ਸਰਾਭਾ ’ਤੇ ਮੁਕੱਦਮਾ ਚੱਲ ਰਿਹਾ ਸੀ ਤਾਂ ਉਸ ਨੇ ਤਮਾਮ ਦੋਸ਼ਾਂ ਦੀ ਸਮੁੱਚੀ ਜ਼ਿੰਮੇਵਾਰੀ ਆਪਣੇ ਖੁਦ ਉੱਪਰ ਲੈ ਲਈ ਸੀ, ਇਸਦੇ ਆਧਾਰ ’ਤੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ। 16 ਨਵੰਬਰ 1915 ਨੂੰ ਸਾਢੇ ਉੱਨੀ ਸਾਲ ਦੇ ਜਵਾਨ ਕਰਤਾਰ ਸਿੰਘ ਸਰਾਭਾ ਨੂੰ ਉਹਨਾਂ ਦੇ ਛੇ ਹੋਰ ਸਾਥੀਆਂ ਬਖਸ਼ੀਸ਼ ਸਿੰਘ, ਹਰਨਾਮ ਸਿੰਘ, ਜਗਤ ਸਿੰਘ,  ਸੁਰੈਣ ਸਿੰਘ -1 ਅਤੇ ਸੁਰੈਣ -2 ਦੋਨੋਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਿਸ਼ਨੂੰ ਗਣੇਸ਼ ਪਿੰਗਲੇ, ਜ਼ਿਲ੍ਹਾ ਪੂਨਾ (ਮਹਾਰਾਸ਼ਟਰ) – ਦੇ ਨਾਲ ਲਾਹੌਰ ਦੀ ਸੈਂਟਰਲ ਜੇਲ੍ਹ ਵਿੱਚ ਫ਼ਾਂਸੀ ਚੜ੍ਹਾ ਕੇ ਸ਼ਹੀਦ ਕਰ ਦਿੱਤਾ ਗਿਆ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਦੀਪ ਸਿੰਘ ਚੀਮਾ,  ਭਗਵੰਤ ਸਿੰਘ ਧੰਗੇੜਾ,   ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਹਰਵਿੰਦਰ ਸਿੰਘ ਬੱਬਲ, ਮਲਕੀਤ ਸਿੰਘ ਮਠਾੜੂ,  ਐਡਵੋਕੇਟ ਜਸਪ੍ਰੀਤ ਸਿੰਘ ਝੰਬਾਲੀ, ਗੁਰਦੀਪ ਸਿੰਘ ਨੂੰ ਨੌਲੱਖਾ ਵੀ ਹਾਜ਼ਰ ਸਨ ।