punjab
ਪੰਜਾਬ ਸਰਕਾਰ ਕਿਸਾਨੀ ਅੰਦੋਲਨ ‘ਚ ਜਾਨ ਗੁਆਉਣ ਵਾਲੇ 220 ਕਿਸਾਨਾਂ ਨੂੰ ਸਰਕਾਰ ਦੇਵੇਗੀ ਨੌਕਰੀ
ਕੇਂਦਰ ਸਰਕਾਰ ਦੇ 3 ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਘੋਲ ‘ਚ ਜਾਨਾਂ ਗੁਆਉਣ ਵਾਲੇ 220 ਕਿਸਾਨਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਦਿੱਤੀ ਜਾਵੇਗੀ। ਸਰਕਾਰ ਪਹਿਲਾਂ ਹੀ ਕਿਸਾਨ ਅੰਦੋਲਨ ‘ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਮਦਦ ਦੇ ਰਹੀ ਹੈ। ਉੱਥੇ ਹੀ ਕਿਸਾਨ ਸੰਗਠਨਾਂ ਵੱਲੋਂ ਮ੍ਰਿਤਕ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ, ਪਰਿਵਾਰ ਨੂੰ 25 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਪੰਜਾਬ ਸਰਕਾਰ ਵੱਲੋਂ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਪਛਾਣ ਕਰਨ ਤੋਂ ਬਾਅਦ ਉਨ੍ਹਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ 550 ਕਿਸਾਨਾਂ ਦੇ ਜਾਨ ਗੁਆਉਣ ਦੀ ਗੱਲ ਕਹੀ ਜਾ ਰਹੀ ਹੈ, ਪਰ ਸਰਕਾਰ ਵੱਲੋਂ 220 ਕਿਸਾਨਾਂ ਦੇ ਵਾਰਸਾਂ ਨੂੰ ਦਰਜਾ ਤਿੰਨ ਅਤੇ ਚਾਰ ਦੇ ਤਹਿਤ ਨੌਕਰੀ ਦੇਣ ਦੀ ਪ੍ਰਕਿਰਿਆ ਦਾ ਕੰਮ ਪੂਰਾ ਕਰ ਲਿਆ ਗਿਆ ਹੈ।