Punjab
10ਵੀਂ-12ਵੀਂ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰੀਖਿਆ ਕੇਂਦਰਾਂ ਦੇ ਬਾਹਰ ਧਾਰਾ 144 ਕੀਤੀ ਲਾਗੂ

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਲੈ ਕੇ ਸਖ਼ਤ ਹੋ ਗਿਆ ਹੈ। ਪ੍ਰੀਖਿਆ ਕੇਂਦਰਾਂ ਦੇ ਬਾਹਰ ਧਾਰਾ 144 ਪਹਿਲਾਂ ਹੀ ਲਾਗੂ ਹੈ ਪਰ ਇਸ ਨੂੰ ਹੋਰ ਵਧਾ ਕੇ ਹਰੇਕ ਪ੍ਰੀਖਿਆ ਕੇਂਦਰ ‘ਤੇ ਡਿਊਟੀ ਮੈਜਿਸਟ੍ਰੇਟ ਵੀ ਤਾਇਨਾਤ ਕੀਤੇ ਜਾਣਗੇ।
ਸੂਤਰਾਂ ਅਨੁਸਾਰ ਸਿੱਖਿਆ ਬੋਰਡ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਲਿਖਤੀ ਤੌਰ ’ਤੇ ਹਰੇਕ ਪ੍ਰੀਖਿਆ ਕੇਂਦਰ ਲਈ ਡਿਊਟੀ ਮੈਜਿਸਟਰੇਟ ਤਾਇਨਾਤ ਕਰਨ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਡਿਊਟੀ ਮੈਜਿਸਟ੍ਰੇਟ ਦੀਆਂ ਸ਼ਕਤੀਆਂ ਕਿਸੇ ਵੀ ਸਰਕਾਰੀ ਅਧਿਕਾਰੀ ਨੂੰ ਸੌਂਪ ਸਕਦਾ ਹੈ ਭਾਵੇਂ ਉਹ ਪਟਵਾਰੀ ਹੋਵੇ ਜਾਂ ਦਫ਼ਤਰ ਵਿੱਚ ਕੰਮ ਕਰਨ ਵਾਲਾ ਕੋਈ ਹੋਰ ਅਧਿਕਾਰੀ। ਜੇਕਰ ਕਿਸੇ ਪ੍ਰੀਖਿਆ ਕੇਂਦਰ ਦੇ ਬਾਹਰ ਭੀੜ ਇਕੱਠੀ ਹੁੰਦੀ ਹੈ ਜਾਂ ਸੋਸ਼ਲ ਮੀਡੀਆ ‘ਤੇ ਪ੍ਰੀਖਿਆ ਸਬੰਧੀ ਝੂਠੀ ਖ਼ਬਰ ਫੈਲਦੀ ਹੈ ਤਾਂ ਤੁਰੰਤ ਦੋਸ਼ੀਆਂ ਖਿਲਾਫ਼ ਪਰਚਾ ਦਰਜ ਕੀਤਾ ਜਾਵੇ।
ਜੇਕਰ 5 ਜਾਂ ਇਸ ਤੋਂ ਵੱਧ ਲੋਕ ਪ੍ਰੀਖਿਆ ਕੇਂਦਰ ਦੇ ਬਾਹਰ ਇਕੱਠੇ ਹੁੰਦੇ ਹਨ ਤਾਂ ਡਿਊਟੀ ਮੈਜਿਸਟ੍ਰੇਟ ਤੁਰੰਤ ਪੁਲਿਸ ਨੂੰ ਸੂਚਿਤ ਕਰ ਸਕਣਗੇ ਅਤੇ ਉਨ੍ਹਾਂ ਵਿਰੁੱਧ ਪਰਚਾ ਦਰਜ ਕੀਤਾ ਜਾਵੇਗਾ। ਜੇਕਰ ਕਿਸੇ ਪ੍ਰੀਖਿਆ ਕੇਂਦਰ ਦੇ ਕਮਰੇ ਵਿੱਚ ਵੀ ਨਕਲ ਦਾ ਮਾਮਲਾ ਪਾਇਆ ਗਿਆ ਤਾਂ ਪਹਿਲਾਂ ਸਬੰਧਤ ਸੁਪਰਵਾਈਜ਼ਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਜੇਕਰ ਇੱਕ ਤੋਂ ਵੱਧ ਕਮਰਿਆਂ ਵਿੱਚ ਨਕਲ ਦੇ ਮਾਮਲੇ ਪਾਏ ਗਏ ਤਾਂ ਪ੍ਰੀਖਿਆ ਕੇਂਦਰ ਦੇ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਵੇਗਾ।