Connect with us

Punjab

ਮਨੀਸ਼ਾ ਗੁਲਾਟੀ ਦੀ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਤੋਂ ਹਟਾਉਣ ਨੂੰ ਹਾਈਕੋਰਟ ‘ਚ ਦੂਜੀ ਵਾਰ ਚੁਣੌਤੀ

Published

on

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਸੂਬਾ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਣੀ ਹੈ। ਸੂਬਾ ਸਰਕਾਰ ਦੇ ਹੁਕਮਾਂ ਨੂੰ ਮਨੀਸ਼ਾ ਗੁਲਾਟੀ ਵੱਲੋਂ ਦੂਜੀ ਵਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਗੁਲਾਟੀ ਨੇ ਸਰਕਾਰੀ ਹੁਕਮਾਂ ਵਿੱਚ ਸਪੱਸ਼ਟ ਨਾ ਹੋਣ ਦੇ ਕਾਰਨਾਂ ਸਮੇਤ ਤਕਨੀਕੀ ਕਾਰਨਾਂ ਦੇ ਆਧਾਰ ’ਤੇ ਸੂਬਾ ਸਰਕਾਰ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ਮਨੀਸ਼ਾ ਗੁਲਾਟੀ ਨੇ ਸੀਨੀਅਰ ਵਕੀਲ ਚੇਤਨ ਮਿੱਤਲ ਰਾਹੀਂ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਦੀ ਨਿਯੁਕਤੀ 13 ਮਾਰਚ 2018 ਨੂੰ ਤੈਅ ਪ੍ਰਕਿਰਿਆ ਅਨੁਸਾਰ ਤਿੰਨ ਸਾਲਾਂ ਲਈ ਕੀਤੀ ਗਈ ਸੀ। ਉਸ ਨੂੰ 18 ਸਤੰਬਰ 2020 ਤੋਂ 19 ਮਾਰਚ 2021 ਤੱਕ ਅਤੇ ਫਿਰ 18 ਮਾਰਚ 2024 ਤੱਕ ਨਿਰਧਾਰਤ ਪ੍ਰਕਿਰਿਆ ਅਧੀਨ ਵਾਧਾ ਦਿੱਤਾ ਗਿਆ ਸੀ। ਪਟੀਸ਼ਨਰ ਨੇ ਕਿਹਾ ਕਿ 31 ਜਨਵਰੀ ਨੂੰ ਪੰਜਾਬ ਸਰਕਾਰ ਨੇ ਉਸ ਦੇ ਐਕਸਟੈਂਸ਼ਨ ਦੇ ਹੁਕਮਾਂ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਉਸ ਨੂੰ ਐਕਟ ਦੀ ਉਲੰਘਣਾ ਕਰਕੇ ਸੇਵਾਕਾਲ ਵਿਚ ਵਾਧਾ ਕੀਤਾ ਗਿਆ ਸੀ।

ਐਕਸਟੈਂਸ਼ਨ ਰੱਦ ਕਰਨ ਦਾ ਆਰਡਰ ਗਲਤ ਹੈ
ਪਟੀਸ਼ਨਕਰਤਾ ਮਨੀਸ਼ਾ ਗੁਲਾਟੀ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਜਿਸ ਅਥਾਰਟੀ ਅਤੇ ਐਕਟ ਤਹਿਤ ਉਸ ਦੀ ਨਿਯੁਕਤੀ ਹੋਈ ਹੈ, ਉਸ ਤਹਿਤ ਉਸ ਨੂੰ ਸੇਵਾਕਾਲ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ। ਅਜਿਹੇ ‘ਚ ਐਕਸਟੈਂਸ਼ਨ ਰੱਦ ਕਰਨ ਦੇ ਹੁਕਮਾਂ ਨੂੰ ਗਲਤ ਦੱਸਦੇ ਹੋਏ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਪੰਜਾਬ ਸਰਕਾਰ ਨੇ ਇਹ ਫੈਸਲਾ ਵਾਪਸ ਲੈ ਲਿਆ ਹੈ
ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ 15 ਫਰਵਰੀ ਨੂੰ ਹਾਈ ਕੋਰਟ ਨੂੰ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਵਾਪਸ ਲੈਣ ਲਈ ਸੂਚਿਤ ਕੀਤਾ ਸੀ। ਇਸ ’ਤੇ ਹਾਈ ਕੋਰਟ ਵੱਲੋਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ ਸੀ ਪਰ ਪੰਜਾਬ ਸਰਕਾਰ ਨੇ ਮੁੜ ਉਸ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਸਨ। ਪੰਜਾਬ ਸਰਕਾਰ ਦੇ ਇਸ ਹੁਕਮ ਵਿੱਚ ਕਾਰਨ ਸਪੱਸ਼ਟ ਨਹੀਂ ਹਨ ਅਤੇ ਹੁਕਮਾਂ ਦੀ ਵੈਧਤਾ ਨੂੰ ਵੀ ਚੁਣੌਤੀ ਦਿੱਤੀ ਗਈ ਹੈ।