Punjab
ਸ਼੍ਰੋਮਣੀ ਕਮੇਟੀ ਵੱਲੋਂ ਫਿਲਮ ਦਾਸਤਾਨ-ਏ ਸ਼ਹੀਦ ਦਾ ਕੀਤਾ ਜਾ ਰਿਹਾ ਵਿਰੋਧ

ਚੰਡੀਗੜ੍ਹ, 26 ਅਕਤੂਬਰ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ’ਤੇ ਬਣਾਈ ਐਨੀਮੇਸ਼ਨ ਫਿਲਮ ਦਸਤਾਨ ਏ ਸ਼ਹੀਦ ਨੂੰ ਰਿਲੀਜ਼ ਕਰਨ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਉਹਨਾਂ ਦੇ ਵੱਲੋਂ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਫਿਲਮ ਰਿਲੀਜ਼ ਕੀਤੀ ਗਈ ਤਾਂ ਉਹ ਫਿਲਮ ਬਣਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨਗੇ ।
ਇਸ ਮਾਮਲੇ ਵਿਚ ਅਕਾਲੀ ਦਲ ਦੇ ਆਗੂ ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਇਹ ਫਿਲਮ ਬਣਾਉਣ ਤੋਂ ਪਹਿਲਾਂ ਨਿਰਮਾਤਾ ਸ਼੍ਰੋਮਣੀ ਕਮੇਟੀ ਕੋਲ ਆਏ ਸਨ ਤੇ ਉਸ ਵੇਲੇ ਇਸਨੂੰ ਬਣਾਉਣ ਦੀ ਮਨਜ਼ੂਰੀ ਦਿੱਤੀ ਸੀ ਪਰ ਜਦੋਂ ਫਿਲਮ ਬਣ ਕੇ ਤਿਆਰ ਹੋਈ ਤਾਂ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿਚ ਇਕ ਕਮੇਟੀ ਦਾ ਗਠਨ ਕੀਤਾ ਜਿਸ ਵਿਚ ਸੀਨੀਅਰ ਮੈਂਬਰ ਕਿਰਨਜੋਤ ਕੌਰ ਵੀ ਸ਼ਾਮਲ ਸਨ। ਉਹਨਾਂ ਨੇ ਫਿਲਮ ਵੇਖਣ ਮਗਰੋਂ ਇਸਦੇ ਰਿਲੀਜ਼ ’ਤੇ ਇਤਰਾਜ਼ ਪ੍ਰਗਟ ਕੀਤਾ ਸੀ ਤੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਹੁਣ ਨਿਰਮਾਤਾਵਾਂ ਨੇ ਫਿਲਮ ਦੇ ਪੋਸਟਰ ਰਿਲੀਜ਼ ਕਰ ਦਿੱਤੇ ਹਨ ਤੇ 3 ਨਵੰਬਰ ਨੂੰ ਫਿਲਮ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਮਾਮਲੇ ’ਤੇ ਟਕਰਾਅ ਦਾ ਮਾਹੌਲ ਬਣ ਗਿਆ ਹੈ।