Punjab
CIA ਸਟਾਫ਼ ਨੇ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਕੀਤੇ ਗ੍ਰਿਫ਼ਤਾਰ
PUNJAB: CIA ਸਟਾਫ ਤਰਨਤਾਰਨ ਅਤੇ ਥਾਣਾ ਖਾਲੜਾ ਨੇ 700 ਗ੍ਰਾਮ ਹੈਰੋਇਨ ਬਰਾਮਦ ਕਰਕੇ 3 ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 3.5 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ।
ਜਾਣਕਾਰੀ ਦਿੰਦਿਆਂ ਐੱਸ.ਪੀ. (ਆਈ.) ਅਜੇ ਰਾਜ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਸਬੰਧੀ ਐਸ.ਐਸ.ਪੀ. ਅਸ਼ਵਨੀ ਕਪੂਰ ਦੇ ਹੁਕਮਾਂ ‘ਤੇ ਜ਼ਿਲ੍ਹੇ ਭਰ ‘ਚ ਗਸ਼ਤ ਅਤੇ ਨਾਕਾਬੰਦੀ ਤੇਜ਼ ਕਰ ਦਿੱਤੀ ਗਈ ਹੈ | ਸੀ.ਆਈ.ਏ. ਸਟਾਫ਼ ਤਰਨਤਾਰਨ ਦੇ ਏ.ਐਸ.ਆਈ ਅਮਰੀਕ ਚੰਦ ਦੀ ਪੁਲਸ ਪਾਰਟੀ ਨੇ ਤਰਨਤਾਰਨ ਤੋਂ ਪਿੰਡ ਚਹਿਲ ਟੀ ਪੁਆਇੰਟ ਕੋਲ ਪਹੁੰਚ ਕੇ ਇਕ ਨੌਜਵਾਨ ਨੂੰ ਗ੍ਰਿਫਤਾਰ ਕਰ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਬਲਜਿੰਦਰ ਸਿੰਘ ਉਰਫ ਝਿਲਮਿਲ ਪੁੱਤਰ ਗੁਰਮੇਜ ਸਿੰਘ ਵਾਸੀ ਚਹਿਲ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
ਇਸ ਤੋਂ ਇਲਾਵਾ ਥਾਣਾ ਖਾਲੜਾ ਦੇ ਇੰਚਾਰਜ ਇੰਸਪੈਕਟਰ ਵਿਨੋਦ ਕੁਮਾਰ ਦੀ ਪੁਲਿਸ ਪਾਰਟੀ ਨੇ ਲਵਪ੍ਰੀਤ ਸਿੰਘ ਉਰਫ਼ ਲਾਭਾ ਪੁੱਤਰ ਮੇਜਰ ਸਿੰਘ ਵਾਸੀ ਮਾੜੀਮੇਘਾ ਅਤੇ ਕਰਨਪ੍ਰੀਤ ਸਿੰਘ ਉਰਫ਼ ਕਰਨ ਪੁੱਤਰ ਹਰਦੇਵ ਸਿੰਘ ਵਾਸੀ ਮਾੜੀਮੇਘਾ ਨੂੰ ਗਿ੍ਫ਼ਤਾਰ ਕਰਕੇ ਬਰਾਮਦ ਕੀਤੀ | ਉਨ੍ਹਾਂ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਕੁੱਲ 700 ਗ੍ਰਾਮ ਹੈਰੋਇਨ ਬਰਾਮਦ ਕਰਕੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।