Punjab
ਵਿਜੀਲੈਂਸ ਬਿਊਰੋ ਨੇ ਚੌਕੀ ਦੇ ਮੁਨਸ਼ੀ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
19 ਜਨਵਰੀ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਥਾਣਾ ਡਵੀਜ਼ਨ ਨੰਬਰ 8 ਲੁਧਿਆਣਾ ਅਧੀਨ ਪੈਂਦੇ ਪੁਲਿਸ ਚੌਕੀ ਕੈਲਾਸ਼ ਚੌਂਕ ਦੇ ਮੋਹਤਬਰ ਹੈੱਡ ਕਾਂਸਟੇਬਲ ਅਤੇ ਮੁਨਸ਼ੀ ਮਨਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀ ਪੁਲਿਸ ਅਧਿਕਾਰੀ ਜੋ ਕਿ ‘ਸਟੇਸ਼ਨ ਮੁਨਸ਼ੀ’ ਵਜੋਂ ਤਾਇਨਾਤ ਹੈ, ਨੂੰ ਮਹੀਦੇਵ ਪ੍ਰਸਾਦ, ਵਾਸੀ ਰਾਜਨ ਅਸਟੇਟ, ਜੋਗਿੰਦਰ ਨਗਰ, ਹੈਬੋਵਾਲ ਲੁਧਿਆਣਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਏ. ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਰੇਂਜ ਲੁਧਿਆਣਾ ਨਾਲ ਸੰਪਰਕ ਕਰਕੇ ਆਪਣੇ ਬਿਆਨ ਦਰਜ ਕਰਵਾਏ ਕਿ ਉਹ ਹੌਜ਼ਰੀ ਦਾ ਕਾਰੋਬਾਰ ਕਰਦਾ ਹੈ ਅਤੇ ਉਸ ਦੀ ਫੈਕਟਰੀ ਹਾਂਡਾ ਹਸਪਤਾਲ ਨੇੜੇ ਇਮਾਰਤ ਦੀ ਪਹਿਲੀ ਮੰਜ਼ਿਲ ‘ਤੇ ਸਥਿਤ ਹੈ ਅਤੇ ਉਕਤ ਜਗ੍ਹਾ 3 ਸਾਲ ਪਹਿਲਾਂ ਸਤਿੰਦਰਪਾਲ ਸਿੰਘ ਤੋਂ ਕਿਰਾਏ ‘ਤੇ ਲਈ ਸੀ।
ਉਸ ਨੇ ਅੱਗੇ ਦੱਸਿਆ ਕਿ ਉਸ ਦੀ ਮਕਾਨ ਮਾਲਕ ਨੇ ਉਸ ਦੇ ਖ਼ਿਲਾਫ਼ ਉਪਰੋਕਤ ਥਾਣੇ ਵਿੱਚ ਅਦਾਇਗੀ ਸਬੰਧੀ ਕਿਸੇ ਮਾਮਲੇ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ‘ਮੁਨਸ਼ੀ’ ਮਨਦੀਪ ਸਿੰਘ ਨੇ ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਨ ਲਈ ਪਹਿਲਾਂ ਵੀ ਪੁਲਿਸ ਚੌਕੀ ਦੇ ਇੰਚਾਰਜ ਅਤੇ ਹੋਰ ਪੁਲਿਸ ਅਧਿਕਾਰੀਆਂ ਦੇ ਨਾਂ ‘ਤੇ ਉਸ ਤੋਂ 30,000 ਰੁਪਏ ਦੀ ਰਿਸ਼ਵਤ ਦੀ ਰਕਮ ਕਿਸ਼ਤਾਂ ਵਿਚ ਲੈ ਲਈ ਹੈ।
ਸ਼ਿਕਾਇਤਕਰਤਾ ਨੇ ਆਪਣੇ ਬਿਆਨ ਵਿੱਚ ਦਰਜ ਕਰਵਾਇਆ ਕਿ ਉਕਤ ਰਕਮ ਵਿੱਚੋਂ ਮਨਦੀਪ ਸਿੰਘ ਐਮ.ਐਚ.ਸੀ ਨੇ ਗੂਗਲ ਪੇਅ ਰਾਹੀਂ ਉਸਦੇ ਖਾਤੇ ਵਿੱਚ 5,500 ਰੁਪਏ ਕਢਵਾ ਲਏ ਸਨ ਅਤੇ ਹੁਣ ਇਸ ਸ਼ਿਕਾਇਤ ‘ਤੇ ਕਾਰਵਾਈ ਕਰਨ ਬਦਲੇ ਉਹ ਉਸ ਤੋਂ 5,000 ਰੁਪਏ ਦੀ ਵਾਧੂ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਓਰੋ ਰੇਂਜ ਲੁਧਿਆਣਾ ਨੇ ਜਾਲ ਵਿਛਾ ਕੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਪੁਲਿਸ ਚੌਕੀ ਵਿੱਚ ਦਬੋਚ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦੋਸ਼ੀ MHC ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਪੁਲੀਸ ਚੌਕੀ ਇੰਚਾਰਜ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।