Punjab
ਮੂੰਹ ਢੱਕ ਕੇ ਸੜਕਾਂ ‘ਤੇ ਨਿਕਲਣ ਵਾਲੇ ਹੋ ਜਾਣ ਸਾਵਧਾਨ , ਜਾਣੋ

ਗੁਰਦਾਸਪੁਰ 3 ਨਵੰਬਰ 2023 : ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਭਾਸ਼ ਚੰਦਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਹਨ। ਉਨ੍ਹਾਂ ਨੇ ਮੂੰਹ ‘ਤੇ ਕੱਪੜਾ ਬੰਨ੍ਹ ਕੇ ਜਾਂ ਮੂੰਹ ਢੱਕ ਕੇ ਚੱਲਣ ਜਾਂ ਗੱਡੀ ਚਲਾਉਣ ‘ਤੇ ਸਖ਼ਤ ਪਾਬੰਦੀ ਲਗਾਈ ਹੈ। ਇਹ ਪਾਬੰਦੀ ਜ਼ਿਲ੍ਹੇ ਵਿੱਚ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਲਗਾਈ ਗਈ ਹੈ।
ਇਹ ਹੁਕਮ ਜਾਰੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਭਾਸ਼ ਚੰਦਰ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸ਼ਹਿਰਾਂ ਅਤੇ ਵੱਖ-ਵੱਖ ਇਲਾਕਿਆਂ ਵਿੱਚ ਨਕਾਬਪੋਸ਼ ਵਿਅਕਤੀਆਂ ਵੱਲੋਂ ਲੁੱਟ-ਖੋਹ, ਕਤਲ, ਡਕੈਤੀ ਅਤੇ ਚੇਨ ਸਨੈਚਿੰਗ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਪੁਲੀਸ ਵੱਲੋਂ ਮੌਕੇ ’ਤੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਗਈ ਤਾਂ ਫੁਟੇਜ ਵਿੱਚ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੇ ਚਿਹਰੇ ਪੂਰੀ ਤਰ੍ਹਾਂ ਕੱਪੜਿਆਂ ਜਾਂ ਮਾਸਕ ਨਾਲ ਢਕੇ ਹੋਣ ਕਾਰਨ ਮੁਲਜ਼ਮਾਂ ਦੀ ਪਛਾਣ ਨਹੀਂ ਹੋ ਸਕੀ।
ਇਸ ਸਭ ਦੇ ਮੱਦੇਨਜ਼ਰ ਮੂੰਹ ‘ਤੇ ਕੱਪੜਾ ਬੰਨ੍ਹ ਕੇ ਜਾਂ ਮੂੰਹ ਢੱਕ ਕੇ ਚੱਲਣ ਜਾਂ ਗੱਡੀ ਚਲਾਉਣ ‘ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਹੁਕਮ 1 ਨਵੰਬਰ 2023 ਤੋਂ 30 ਦਸੰਬਰ 2023 ਤੱਕ ਲਾਗੂ ਰਹਿਣਗੇ।