Connect with us

Punjab

ਪੰਜਾਬ ਵਿਧਾਨਸਭਾ ਸੈਸ਼ਨ ਦਾ ਅੱਜ ਦੂਜਾ ਦਿਨ

Published

on

ਪੰਜਾਬ ਵਿਧਾਨ ਸਭਾ ਦਾ ਛੇ ਦਿਨਾਂ ਸੈਸ਼ਨ 22 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ, ਜੋ 27 ਅਕਤੂਬਰ ਤੱਕ ਚੱਲੇਗਾ। ਸੈਸ਼ਨ ਦੇ ਪਹਿਲੇ ਦਿਨ ਸਦਨ ਦੀ ਕਾਰਵਾਈ ਸ਼ਰਧਾਂਜਲੀਆਂ ਭੇਟ ਕਰਨ ਤੋਂ ਬਾਅਦ ਕੁਝ ਹੀ ਮਿੰਟਾਂ ਵਿੱਚ ਮੁਲਤਵੀ ਕਰ ਦਿੱਤੀ ਗਈ ਸੀ। ਹੁਣ ਸਾਰੀਆਂ ਨਜ਼ਰਾਂ ਅੱਜ ਦੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ।

ਵਿਰੋਧੀ ਧਿਰ ਕਾਂਗਰਸ ਅਤੇ ਭਾਜਪਾ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ, ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮੁੱਦਾ ਚੁੱਕੇ ਜਾਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਜਵਾਬਦੇਹੀ ਤੈਅ ਕਰਨ ਅਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਪੰਜਾਬ ਵਿਧਾਨ ਸਭਾ ਦੇ ਇਸ ਸੈਸ਼ਨ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਬਹਿਸ ਹੋਣ ਦੇ ਆਸਾਰ ਹਨ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਅਤੇ ਵਿਗੜ ਰਹੀ ਕਾਨੂੰਨ-ਵਿਵਸਥਾ ਬਾਰੇ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ।

ਉੱਧਰ, ਸੱਤਾਧਾਰੀ ਧਿਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਅਤੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਦਨ ਵਿੱਚ ਰੱਖੇ ਜਾਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਿਛਲੀਆਂ ਸਰਕਾਰਾਂ ਦੀ ਭੂਮਿਕਾ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦਾ ਮੁੱਦਾ ਵੀ ਚਰਚਾ ਵਿੱਚ ਆ ਸਕਦਾ ਹੈ।

ਕਿਸਾਨਾਂ ਦੇ ਮਸਲੇ, ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੀ ਮੰਗ, ਸੂਬੇ ਦੀ ਆਰਥਿਕ ਸਥਿਤੀ ਅਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਵੀ ਸੈਸ਼ਨ ਦੌਰਾਨ ਅਹਿਮ ਰਹਿਣ ਦੀ ਉਮੀਦ ਹੈ। ਇਸ ਤੋਂ ਇਲਾਵਾ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਜੁੜੇ ਹੱਕਾਂ ਅਤੇ ਡੈਮ ਸੇਫਟੀ ਐਕਟ ਸਬੰਧੀ ਮਤਿਆਂ ’ਤੇ ਵੀ ਚਰਚਾ ਹੋ ਸਕਦੀ ਹੈ।

ਹੁਣ ਦੇਖਣਾ ਹੋਵੇਗਾ ਕਿ ਵਿਧਾਨ ਸਭਾ ਦੇ ਬਾਕੀ ਦਿਨਾਂ ਦੌਰਾਨ ਸਦਨ ਦੀ ਕਾਰਵਾਈ ਸੁਚਾਰੂ ਢੰਗ ਨਾਲ ਚੱਲਦੀ ਹੈ ਜਾਂ ਫਿਰ ਸਿਆਸੀ ਤਕਰਾਰ ਕਾਰਨ ਹੰਗਾਮੇ ਹੁੰਦੇ ਹਨ।