Punjab
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿੱਚ ਚਾਈਨਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ
ਪਟਿਆਲਾ: ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸੰਦੀਪ ਹੰਸ ਨੇ ਫੌਜਦਾਰੀ ਜਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਸਿੰਥੈਟਿਕ/ਪਲਾਸਟਿਕ/ਨੁਕਸਾਨਦਾਇਕ ਪਦਾਰਥ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 02 ਸਤੰਬਰ 2022 ਤੱਕ ਜਾਰੀ ਰਹਿਣਗੇ।
ਹੁਕਮਾਂ ਮੁਤਾਬਕ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪਤੰਗਾਂ/ਗੁੱਡੀਆਂ ਉਡਾਉਣ ਲਈ ਜਿਸ ਚਾਈਨਾ ਡੋਰ ਦੀ ਵਰਤੋਂ ਕਾਫ਼ੀ ਮਾਤਰਾ ਵਿੱਚ ਕੀਤੀ ਜਾਂਦੀ ਹੈ, ਜੋ ਕਿ ਸਿੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਉਹ ਬਹੁਤ ਮਜਬੂਤ, ਨਾ ਗਲਣਯੋਗ ਅਤੇ ਨਾ ਟੁੱਟਣਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਕਰਨ ਨਾਲ ਹੱਥ/ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ/ ਮੋਟਰ ਸਾਇਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਡਰ ਵੀ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ
ਜਾਣ ਤੇ ਉਨ੍ਹਾਂ ਦੇ ਰੁੱਖਾਂ ‘ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਹ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵਰਤਣ ਵਾਸਤੇ ਵੇਚਣ, ਭੰਡਾਰ ਕਰਨ ਅਤੇ ਇਸ ਦੀ ਵਰਤੋਂ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹਨ।