Punjab
ਹਿਮਾਚਲ ਦੇ ਕੁੱਲੂ ‘ਚ ਵਾਪਰਿਆ ਦਰਦਨਾਕ ਹਾਦਸਾ
ਹਿਮਾਚਲ ਪ੍ਰਦੇਸ਼ ਦੇ ਕੁੱਲੂ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਸੈਲਾਨੀਆਂ ਨਾਲ ਭਰੀ ਇੱਕ ਗੱਡੀ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਇੱਕੋ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਇਸ ਹਾਦਸੇ ਵਿੱਚ ਪਿਤਾ ਅਤੇ ਧੀ ਦੀ ਮੌਤ ਹੋ ਗਈ ਹੈ, ਜਦਕਿ ਮਾਂ ਸਮੇਤ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਦੱਸੇ ਜਾ ਰਹੇ ਹਨ।
ਜ਼ਿਲ੍ਹਾ ਕੁੱਲੂ ਦੀ ਮਣੀਕਰਨ ਘਾਟੀ ਵਿੱਚ ਸ਼ੁੱਕਰਵਾਰ ਨੂੰ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪੰਜਾਬ ਤੋਂ ਆਏ ਸੈਲਾਨੀਆਂ (ਟੂਰਿਸਟਾਂ) ਦੀ ਕਾਰ ਹਾਦਸਾਗ੍ਰਸਤ ਹੋ ਗਈ। ਇਹ ਹਾਦਸਾ ਸਰਸਾੜੀ ਇਲਾਕੇ ਦੇ ਨੇੜੇ ਉਸ ਵੇਲੇ ਵਾਪਰਿਆ ਜਦੋਂ ਸੈਲਾਨੀਆਂ ਨਾਲ ਭਰੀ ਇੱਕ ਕਾਰ (ਨੰਬਰ PB 08 FK 8223) ਬੇਕਾਬੂ ਹੋ ਕੇ ਸੜਕ ਤੋਂ ਕਰੀਬ 100 ਫੁੱਟ ਹੇਠਾਂ ਜਾ ਡਿੱਗੀ।
ਜਾਣਕਾਰੀ ਮੁਤਾਬਕ, ਪੰਜਾਬ ਤੋਂ ਹਿਮਾਚਲ ਘੁੰਮਣ ਗਏ ਸੈਲਾਨੀਆਂ ਦੀ ਗੱਡੀ ਕੁੱਲੂ ਦੇ ਪਹਾੜੀ ਇਲਾਕੇ ਵਿੱਚ ਅਚਾਨਕ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ ਅਤੇ ਮੌਕੇ ‘ਤੇ ਹਫੜਾ-ਦਫੜੀ ਮਚ ਗਈ।
ਸਥਾਨਕ ਲੋਕਾਂ ਅਤੇ ਪੁਲਿਸ ਵੱਲੋਂ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ। ਜ਼ਖ਼ਮੀਆਂ ਨੂੰ ਖੱਡ ਵਿੱਚੋਂ ਬਾਹਰ ਕੱਢ ਕੇ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਲਾਂਕਿ, ਡਾਕਟਰਾਂ ਨੇ ਪਿਤਾ ਅਤੇ ਉਸ ਦੀ ਧੀ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਹਾਦਸੇ ਦਾ ਕਾਰਨ ਗੱਡੀ ਦਾ ਸੰਤੁਲਨ ਵਿਗੜਨਾ ਮੰਨਿਆ ਜਾ ਰਿਹਾ ਹੈ, ਪਰ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ।
