Punjab
ਅਣਪਛਾਤੇ ਲੋਕਾਂ ਵੱਲੋਂ ਘਰ ਤੇ ਕੀਤਾ ਗਿਆ ਇੱਟਾਂ ਰੋੜਿਆਂ ਨਾਲ ਹਮਲਾ

ਫਿਰੋਜ਼ਪੁਰ, 10 ਜੂਨ (ਪਰਮਜੀਤ ਪੰਮਾ): ਫਿਰੋਜ਼ਪੁਰ ਦੀ ਤਹਿਸੀਲ ਜ਼ੀਰਾ ਵਿਖੇ ਗੁੰਡਾ ਅਨਸਰਾਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਉਹ ਪੁਲਿਸ ਤੋਂ ਬੇਖੌਫ਼ ਹੋਕੇ ਕਿਸੇ ਵੀ ਘਟਨਾ ਨੂੰ ਅੰਜਾਮ ਦੇ ਰਹੇ ਹਨ ਜਿਸ ਦੀ ਤਾਜ਼ਾ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਪੰਦਰਾਂ ਤੋਂ ਵੀਹ ਅਣਪਛਾਤਿਆਂ ਵੱਲੋਂ ਇੱਕ ਘਰ ਤੇ ਇੱਟਾਂ ਰੋੜਿਆਂ ਦੇ ਨਾਲ ਹਮਲਾ ਕਰ ਦਿੱਤਾ ਗਿਆ। ਹਮਲੇ ਦੀ ਸਾਰੀ ਘਟਨਾ ਘਰ ‘ਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਜਗਤਾਰ ਸਿੰਘ ਨੇ ਦੱਸਿਆ ਕੀ ਬੀਤੀ ਰਾਤ ਇੱਕ ਔਰਤ ਨੇ ਉਨ੍ਹਾਂ ਦਾ ਦਰਵਾਜ਼ਾ ਖੜਕਾਇਆ ਅਤੇ ਦਰਵਾਜ਼ਾ ਖੋਲ੍ਹਣ ਨੂੰ ਕਿਹਾ ਅਤੇ ਜਦੋਂ ਉਨ੍ਹਾਂ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਉਸ ਤੋਂ ਚੰਦ ਮਿੰਟਾਂ ਬਾਅਦ ਹੀ ਪੰਦਰਾਂ ਤੋਂ ਵੀਹ ਅਣਪਛਾਤੇ ਵਿਅਕਤੀ ਅਤੇ ਉਨ੍ਹਾਂ ਦੇ ਘਰ ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ।

ਜਿਸ ਦੌਰਾਨ ਉਨ੍ਹਾਂ ਦੇ ਘਰ ਦੇ ਸ਼ੀਸ਼ੇ ਟੁੱਟ ਗਏ ਅਤੇ ਕਾਫੀ ਨੁਕਸਾਨ ਹੋ ਗਿਆ ਜਦੋਂ ਉਨ੍ਹਾਂ ਰੌਲਾ ਪਾਇਆ ਤਾਂ ਇਹ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਜ਼ੀਰਾ ਦੇ ਐਸ ਐਚ ਓ ਮੋਹਿਤ ਧਵਨ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਬਣਦੀ ਕਾਰਵਾਈ ਕੀਤੀ ਜਾਏਗੀ।