Connect with us

Punjab

ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਨੂੰ ਲਗਭਗ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ: ਡਾ. ਇੰਦਰਬੀਰ ਸਿੰਘ ਨਿੱਜਰ

Published

on

ਚੰਡੀਗੜ੍ਹ:

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀਜ) ਨੇ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਲਗਭਗ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕੀਤੀ ਗਈ ਹੈ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਅਤੇ ਗੁਰਪ੍ਰੀਤ ਸਿੰਘ ਬਣਾਵਾਲੀ ਵੱਲੋਂ ਲਿਆਂਦੇ ਗਏ ਧਿਆਨ ਦਿਵਾਓ ਮੱਤੇ ਦਾ ਜਵਾਬ ਦਿੰਦਿਆਂ ਕਹੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੂਬੇ ਵਿੱਚ ਲਗਭਗ 417 ਪ੍ਰਾਈਵੇਟ ਰਜਿਸਟਰਡ ਗਊਸ਼ਾਲਾਵਾਂ ਵਿਖੇ 1.70 ਲੱਖ ਅਵਾਰਾ ਪਸ਼ੂ ਹਨ। ਇਸ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ ਪੰਜਾਬ ਵੱਲੋਂ ਰਾਜ ਵਿੱਚ 20 ਸਰਕਾਰੀ ਕੈਟਲ ਪੌਂਡਜ ਦੇ ਵਿੱਚ 77 ਕੈਟਲ ਸੈੱਡ ਉਸਾਰੇ ਗਏ ਹਨ, ਜਿਨ੍ਹਾਂ ਵਿੱਚ ਲਗਭਗ 10,024 ਅਵਾਰਾ ਪਸ਼ੂ ਹਨ।

ਡਾ. ਨਿੱਜਰ ਨੇ ਅੱਗੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਆਪਣੇ ਪੱਧਰ ‘ਤੇ 10 ਗਊਸਾਲਾਵਾਂ ਚਲਾਈਆ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਲਗਭਗ 3385 ਦੇ ਕਰੀਬ ਅਵਾਰਾ ਪਸ਼ੂ ਰੱਖੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਉਨ੍ਹਾਂ ਦੀ ਹਦੂਦ ਅੰਦਰ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਫੜ ਕੇ ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਛੱਡਿਆ ਜਾਂਦਾ ਹੈ। ਉਨ੍ਹਾਂ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ ਲਗਭਗ 33575 ਅਵਾਰਾ ਪਸੂਆਂ ਨੂੰ ਫੜ ਕੇ ਗਊਸ਼ਾਲਾਵਾਂ ਵਿਖੇ ਛੱਡਿਆ ਗਿਆ ਹੈ।

ਡਾ ਨਿੱਜਰ ਨੇ ਕਿਹਾ ਕਿ ਸਹਿਰੀ ਸਥਾਨਕ ਸੰਸਥਾਵਾਂ ਵੱਲੋਂ ਲਗਭਗ 185 ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਨੂੰ ਆਪਣੀ ਵਿੱਤੀ ਸਥਿਤੀ ਅਤੇ ਉਨ੍ਹਾਂ ਪਾਸ ਉਪਲਬਧ ਕਾਊਸੈਸ ਦੇ ਫੰਡਾਂ ਮੁਤਾਬਿਕ 10 ਤੋਂ 30 ਰੁਪਏ ਪ੍ਰਤੀ ਪਸ਼ੂ ਪ੍ਰਤੀ ਦਿਨ ਜਾਂ ਮਹੀਨਾਵਾਰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਗਊਸੈੱਸ ਵਜੋਂ 183.44 ਕਰੋੜ ਰੁਪਏ ਇਕੱਠੇ ਕੀਤੇ ਜਾ ਚੁੱਕੇ ਹਨ।