Connect with us

Punjab

ਵਿਜੀਲੈਂਸ ਬਿਊਰੋ ਵੱਲੋਂ ASI 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

Published

on

ਚੰਡੀਗੜ੍ਹ, 14 ਜੂਨ:
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਚਾਟੀਵਿੰਡ (ਅੰਮ੍ਰਿਤਸਰ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ./ਐਲ.ਆਰ.) ਭੁਪਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸਰਵਨ ਸਿੰਘ ਵਾਸੀ ਪਿੰਡ ਗੁਰਵਾਲੀ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਥਾਣਾ ਵਿਜੀਲੈਂਸ ਰੇਂਜ ਅੰਮ੍ਰਿਤਸਰ ਵਿਖੇ ਪਹੁੰਚ ਕਰਕੇ ਸ਼ਿਕਾਇਤ ਕੀਤੀ ਹੈ ਕਿ ਉਸ ਦੇ ਅਤੇ ਹੋਰਨਾਂ ਖ਼ਿਲਾਫ਼ ਥਾਣਾ ਚਾਟੀਵਿੰਡ ਵਿਖੇ ਆਈ.ਪੀ.ਸੀ. ਦੀ ਧਾਰਾ 323, 379-ਏ, 427, 452, 506, 148 ਅਤੇ 149 ਤਹਿਤ 13-02-2023 ਨੂੰ ਦਰਜ ਹੋਏ ਮਾਮਲੇ ਵਿੱਚ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਕਰਵਾਉਣ ਬਦਲੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਉਸ ਕੋਲੋਂ 10,000 ਰੁਪਏ ਰਿਸ਼ਵਤ ਮੰਗੀ ਕਿਉਂਕਿ ਏ.ਐਸ.ਆਈ. ਭੁਪਿੰਦਰ ਸਿੰਘ ਇਸ ਕੇਸ ਦਾ ਪੜਤਾਲੀਆ ਅਫ਼ਸਰ ਸੀ।


ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਏ.ਐਸ.ਆਈ ਖ਼ਿਲਾਫ਼ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।