Connect with us

Punjab

ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ ਖਿਲਾਫ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ

Published

on

ਚੰਡੀਗਡ਼੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਖਤਿਆਰ ਕੀਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਮੋਗਾ ਵਿਖੇ ਤਾਇਨਾਤ ਤੇਜਪਾਲ ਸਿੰਘ ਪੰਚਾਇਤ ਸਕੱਤਰ ਖ਼ਿਲਾਫ਼ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪੰਚਾਇਤ ਸਕੱਤਰ ਖ਼ਿਲਾਫ਼ ਇਹ ਮੁਕੱਦਮਾ ਸੰਦੀਪ ਸਿੰਘ ਵਾਸੀ ਚੂਹੜਚੱਕ ਜ਼ਿਲ੍ਹਾ ਮੋਗਾ ਵੱਲੋਂ ਵਿਜੀਲੈਂਸ ਬਿਊਰੋ ਦੀ ਹੈਲਪਲਾਈਨ ਉਤੇ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦਰਜ ਕਰਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਨ੍ਹਾਂ ਨੇ ਆਪਣੇ ਪਿੰਡ ਵਿੱਚ ਇੱਕ ਨੀਵੀਂ ਗਲੀ ਨੂੰ ਉੱਚਾ ਕਰਕੇ ਮੁੜ ਬਣਾਉਣ ਲਈ ਡੀਡੀਪੀਓ ਦਫਤਰ ਮੋਗਾ ਨੂੰ ਦਰਖਾਸਤਾਂ ਦਿੱਤੀਆਂ ਸੀ ਜਿਸ ਉਪਰੰਤ ਉਕਤ ਪੰਚਾਇਤ ਸਕੱਤਰ ਨੇ ਇਸ ਮਾਮਲੇ ਵਿਚ ਮੱਦਦ ਕਰਨ ਬਦਲੇ ਉਨ੍ਹਾਂ ਤੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। 

ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਵੱਲੋਂ ਪ੍ਰਾਪਤ ਦਸਤਾਵੇਜ਼ਾਂ ਦੇ ਆਧਾਰ ਤੇ ਗਹਿਨ ਪਡ਼ਤਾਲ ਕਰਨ ਉਪਰੰਤ ਉਕਤ ਪੰਚਾਇਤ ਸਕੱਤਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।