Punjab
ਮਹਿਲਾ ਥਾਣੇਦਾਰ ‘ਤੇ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ
ਵਿਜੀਲੈਂਸ ਵਿਭਾਗ ਵੱਲੋਂ ਇਕ ਮਹਿਲਾ ASI ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਮਲਾ ਬਰਨਾਲਾ ਦੇ ਥਾਣਾ ਸ਼ਹਿਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਰਿਸ਼ਵਤ ਲੈਂਦੀ ਮਹਿਲਾ ASI ਮੀਨਾ ਰਾਣੀ ਕਾਬੂ ਕੀਤੀ ਗਈ ਹੈ। ਦੱਸ ਦੇਈਏ ਕਿ ਇਸ ਮਹਿਲਾ ਥਾਣੇਦਾਰ ਨੇ ਸ਼ਿਕਾਇਤਕਰਤਾ ਤੋਂ ਪੈਸੇ ਮੰਗੇ ਸਨ। ਇਸ ਬਾਰੇ ਵਿਜੀਲੈਂਸ ਵਿਭਾਗ ਨੂੰ ਸੂਚਨਾ ਮਿਲੀ ਤਾਂ ਵਿਭਾਗ ਵੱਲੋਂ ਤਰੁੰਤ ਵੱਡੀ ਕਾਰਵਾਈ ਕਰਦਿਆਂ ਹੋਇਆ ਮਹਿਲਾ ਥਾਣੇਦਾਰ ਨੂੰ ਰੰਗੇ ਹੱਥੀ ਕਾਬੂ ਕੀਤਾ ਹੈ।
ਵਿਜੀਲੈਂਸ ਇੰਸਪੈਕਟਰ ਗੁਰਮੇਲ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਬਰਨਾਲਾ ਦੀ ਰਹਿਣ ਵਾਲੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਲੜਕੇ ਨੇ ਜਗਮੀਤ ਕੌਰ ਨਾਂ ਦੀ ਲੜਕੀ ਨਾਲ ਪ੍ਰੇਮ ਵਿਆਹ ਕਰਵਾ ਲਿਆ ਸੀ, ਜਿਸ ਦਾ ਮਾਮਲਾ ਵੀ ਅਦਾਲਤ ਵਿੱਚ ਦਰਜ ਹੈ। ਮਹਿਲਾ ਏਐਸਆਈ ਸ਼ਿਕਾਇਤਕਰਤਾ ਦੇ ਲੜਕੇ ਨੂੰ ਡਰਾ ਧਮਕਾ ਕੇ ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਉਣ ਦੀ ਧਮਕੀ ਦੇ ਰਹੀ ਸੀ। ਇਸ ਦੇ ਬਦਲੇ ਸ਼ਿਕਾਇਤਕਰਤਾ ਦੇ ਪਰਿਵਾਰ ਤੋਂ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਜਦਕਿ ਗੱਲ ਸਿਰਫ 5000 ਰੁਪਏ ਤੈਅ ਹੋ ਚੁੱਕੀ ਸੀ। ਵਿਜੀਲੈਂਸ ਵਿਭਾਗ ਦੀ ਟੀਮ ਨੇ ਜਾਲ ਵਿਛਾਉਂਦਿਆਂ ਹੋਇਆ ਮੁਲਜ਼ਮ ਏਐਸਆਈ ਨੂੰ ਥਾਣਾ ਸ਼ਹਿਣਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮਹਿਲਾ ਏਐਸਆਈ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।