Corona Virus
ਕੋਰੋਨਾ ਵਾਇਰਸ ਤੋਂ ਬਚਾਅ ਲਈ ਪਿੰਡਾਂ ਦੇ ਲੋਕ 24 ਘੰਟੇ ਦੇ ਰਹੇ ਨੇ ਪਹਿਰਾ

ਫ਼ਤਹਿਗੜ੍ਹ ਸਾਹਿਬ, 06 ਅਪ੍ਰੈਲ : ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਜਿਲ੍ਹੇ ਦੇ ਪਿੰਡਾਂ ਦੇ ਲੋਕਾਂ ਵੱਲੋਂ ਪਿੰਡਾਂ ਨੂੰ ਆਉਣ ਜਾਣ ਵਾਲੇ ਰਸਤਿਆਂ ਉਤੇ 24 ਘੰਟੇ ਪਹਿਰੇ ਦਿੱਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡਾਂ ਨੂੰ ਆਉਣ ਜਾਣ ਵਾਲੇ ਰਸਤਿਆਂ ਉਤੇ ਪਹਿਰਾ ਦੇ ਰਹੇ ਪਿੰਡ ਵਾਸੀਆਂ ਵੱਲੋਂ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਪਿੰਡ ਵਿੱਚੋਂ ਕੋਈ ਵੀ ਵਿਅਕਤੀ ਬਿਨਾਂ ਕਿਸੇ ਅਤਿ ਜ਼ਰੂਰੀ ਕੰਮ ਤੋਂ ਬਾਹਰ ਨਾ ਜਾਵੇ ਅਤੇ ਨਾ ਹੀ ਬਾਹਰੋਂ ਕੋਈ ਪਿੰਡ ਵਿਚ ਆਵੇ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੈਜਿਸਟਰੇਟ -ਕਮ- ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਪੰਜਾਬ ਵਿਲੇਜ ਐਂਡ ਸਮਾਲ ਟਾਊਨ ਪੈਟਰੋਲ ਐਕਟ 1918 ਦੇ ਸੈਕਸ਼ਨ 3 (1) ਅਧੀਨ ਹੁਕਮ ਜਾਰੀ ਕੀਤੇ ਹੋਏ ਹਨ ਕਿ ਕੋਰੋਨਾ ਵਾਇਰਸ ਨੂੰ
ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਵੱਲੋਂ ਪਿੰਡਾਂ ਵਿੱਚ ਦਾਖਲ ਹੋਣ ਤੇ ਬਾਹਰ ਜਾਣ ਦੇ
ਰਸਤਿਆਂ ਤੇ 24 ਘੰਟੇ ਪਹਿਰੇ ਲਗਾਏ ਜਾਣ ਅਤੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਕਿਸੇ ਖਾਸ ਮਕਸਦ ਦੇ ਪਿੰਡ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਪਿੰਡਾਂ ਦੇ 60 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗਾਂ ਅਤੇ ਅੰਗਹੀਣ ਵਿਅਕਤੀਆਂ ਨੂੰ ਇਹ ਪਹਿਰਾ ਦੇਣ ਤੋਂਛੋਟ ਹੈ। ਹਰੇਕ ਪਿੰਡ ਦੀ ਪੰਚਾਇਤ ਨੂੰ ਇਸ ਐਕਟ ਅਧੀਨ ਧਾਰਾ 4(1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਉਕਤ ਡਿਊਟੀ ਕਰਵਾਉਣਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸਾਸ਼ਨ ਆਮ ਲੋਕਾਂ ਦੀਆਂ ਹਰੇਕ ਤਰ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।