World
ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ‘ਚ ਹਿੰਸਾ,6 ਦੀ ਮੌਤ, ਦੇਸ਼ ਭਰ ‘ਚ ਇੰਟਰਨੈੱਟ ਬੰਦ, ਲਾਹੌਰ ‘ਚ ਗਵਰਨਰ ਦਾ ਸਾੜਿਆ ਘਰ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੂਰੇ ਪਾਕਿਸਤਾਨ ਵਿੱਚ ਹਿੰਸਾ ਜਾਰੀ ਹੋ ਗਈ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਸਮਰਥਕ ਪੇਸ਼ਾਵਰ, ਇਸਲਾਮਾਬਾਦ ਸਮੇਤ ਕਈ ਸ਼ਹਿਰਾਂ ਵਿੱਚ ਅੱਗਜ਼ਨੀ ਅਤੇ ਭੰਨਤੋੜ ਕਰ ਰਹੇ ਹਨ। ਹੁਣ ਤੱਕ 6 ਲੋਕਾਂ ਦੀ ਮੌਤ ਦੀ ਖਬਰ ਹੈ।
ਕਾਰਕੁਨਾਂ ਨੇ ਦੇਰ ਰਾਤ ਰਾਵਲਪਿੰਡੀ ਵਿੱਚ ਫੌਜ ਦੇ ਹੈੱਡਕੁਆਰਟਰ ਵਿੱਚ ਭੰਨਤੋੜ ਕੀਤੀ। ਲਾਹੌਰ ਵਿਚ ਗਵਰਨਰ ਹਾਊਸ, ਫੌਜ ਦੇ ਕਮਾਂਡਰ ਦੇ ਘਰ ਨੂੰ ਸਾੜ ਦਿੱਤਾ ਗਿਆ ਅਤੇ ਕਈ ਫੌਜੀ ਅਫਸਰਾਂ ਦੇ ਘਰਾਂ ‘ਤੇ ਹਮਲੇ ਕੀਤੇ ਗਏ। ਅਜਿਹੀ ਹੀ ਘਟਨਾ ਕਰਾਚੀ ਦੇ ਕੈਂਟ ਇਲਾਕੇ ਵਿੱਚ ਵੀ ਵਾਪਰੀ।
ਪਾਕਿਸਤਾਨੀ ਅਖਬਾਰ ਡਾਨ ਮੁਤਾਬਕ ਹਿੰਸਾ ਨੂੰ ਦੇਖਦੇ ਹੋਏ ਪੂਰੇ ਪਾਕਿਸਤਾਨ ‘ਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਦੇਸ਼ ਵਿੱਚ ਪ੍ਰਾਈਵੇਟ ਸਕੂਲ ਵੀ ਬੰਦ ਰਹਿਣਗੇ। ਰਾਜਧਾਨੀ ਇਸਲਾਮਾਬਾਦ, ਪੰਜਾਬ ਸੂਬੇ ਅਤੇ ਪੇਸ਼ਾਵਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਫੌਜ ਨੇ ਮੰਗਲਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਇਮਰਾਨ ਖਾਨ ਨੂੰ ਗ੍ਰਿਫਤਾਰ ਕਰ ਲਿਆ। ਇਮਰਾਨ ਦੋ ਮਾਮਲਿਆਂ ਵਿੱਚ ਜ਼ਮਾਨਤ ਲਈ ਹਾਈ ਕੋਰਟ ਪੁੱਜੇ ਸਨ, ਜਿੱਥੇ ਪਾਕਿਸਤਾਨ ਰੇਂਜਰਾਂ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਮਰਾਨ ਅਗਲੇ 4-5 ਦਿਨਾਂ ਤੱਕ ਜਾਂਚ ਏਜੰਸੀ NAB ਦੀ ਹਿਰਾਸਤ ‘ਚ ਰਹੇਗਾ। ਇਹ ਗ੍ਰਿਫ਼ਤਾਰੀ ਅਲ ਕਾਦਿਰ ਯੂਨੀਵਰਸਿਟੀ ਘੁਟਾਲੇ ਮਾਮਲੇ ਵਿੱਚ ਕੀਤੀ ਗਈ ਹੈ। ਉਸ ‘ਤੇ ਅਰਬਾਂ ਰੁਪਏ ਦੇ ਘੁਟਾਲੇ ਅਤੇ ਮਨੀ ਲਾਂਡਰਿੰਗ ਦਾ ਦੋਸ਼ ਹੈ।
ਪੀਟੀਆਈ ਨੇਤਾ ਫਵਾਦ ਚੌਧਰੀ ਨੇ ਕਿਹਾ ਹੈ ਕਿ ਪਾਰਟੀ ਇਸਲਾਮਾਬਾਦ ਹਾਈ ਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ।
ਪੀਟੀਆਈ ਨੇਤਾ ਕਾਸਿਮ ਸੂਰੀ ਨੇ ਦਾਅਵਾ ਕੀਤਾ ਹੈ ਕਿ ਕਵੇਟਾ ਵਿੱਚ ਪ੍ਰਦਰਸ਼ਨ ਦੌਰਾਨ ਇੱਕ ਪਾਰਟੀ ਵਰਕਰ ਦੀ ਮੌਤ ਹੋ ਗਈ।
ਇਸਲਾਮਾਬਾਦ ਪੁਲਿਸ ਨੇ ਕਿਹਾ ਕਿ 5 ਅਧਿਕਾਰੀ ਜ਼ਖਮੀ ਹੋ ਗਏ, ਜਦਕਿ 43 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲਿਆ ਗਿਆ।