Punjab
ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਹੋਇਆ ਰਵਾਨਾ
ਰਸਤੇ ਵਿੱਚ ਸੰਗਤਾਂ ਵੱਲੋਂ ਸਵਾਗਤੀ ਗੇਟ ਲਗਾ ਕੇ ਕੀਤਾ ਗਿਆ ਨਗਰ ਕੀਰਤਨ ਦਾ ਭਰਵਾਂ ਸਵਾਗਤ
ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਵਿਸ਼ਾਲ ਨਗਰ ਕੀਰਤਨ ਦੇਰ ਸ਼ਾਮ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਜਾ ਕੇ ਹੋਵੇਗਾ ਸਮਾਪਤ
25 ਨਵੰਬਰ 2023: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇੰ ਪ੍ਰਕਾਸ਼ ਪੁਰਬ ਨੂੰ ਸਮਰਪਤ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਨੂੰ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਰਵਾਨਾ ਹੋਇਆ, ਤੇ ਸੰਗਤ ਵੱਲੋਂ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ ।
ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਇਸ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਅਰਦਾਸ ਗਿਆਨੀ ਅਜਮੇਰ ਸਿੰਘ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਕੀਤੀ ਗਈ । ਇਸ ਵਿਸ਼ਾਲ ਨਗਰ ਕੀਰਤਨ ਦਾ ਮਾਤਾ ਗੁਜਰੀ ਕਾਲਜ ਫ਼ਤਹਿਗਡ਼੍ਹ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਪੋਲੀਟੈਕਨਿਕ ਕਾਲਜ, ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ, ਬੀ ਜੈਡ ਐਸ ਐਫ ਐਸ ਸੀਨੀਅਰ ਸੈਕੰਡਰੀ ਸਕੂਲ ਸਮੇਤ ਇਲਾਕੇ ਦੀ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ । ਇਸ ਮੌਕੇ ਤੇ ਸੰਗਤਾਂ ਵੱਲੋਂ ਵੱਖ ਵੱਖ ਥਾਵਾਂ ਤੇ ਸਵਾਗਤੀ ਗੇਟ ਲਗਾ ਲਗਾ ਕੇ ਜਿੱਥੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਉਥੇ ਹੀ ਵੱਖ ਵੱਖ ਥਾਵਾਂ ਤੇ ਲੰਗਰ ਵੀ ਲਗਾਏ ਗਏ । ਇਸ ਨਗਰ ਕੀਰਤਨ ਵਿਚ ਗੁਰੂ ਦੀਆਂ ਲਾਡਲੀਆਂ ਫੌਜਾਂ ਵੱਲੋਂ ਗੱਤਕੇ ਦੇ ਦਿਲਕਸ਼ ਜੌਹਰ ਵੀ ਦਿਖਾਏ ਗਏ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਵੱਲੋਂ ਨਗਰ ਕੀਰਤਨ ਨੂੰ ਲੈ ਕੇ ਸੁਚੱਜੇ ਪ੍ਰਬੰਧ ਉਲੀਕੇ ਗਏ ।
ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਵਤਾਰ ਸਿੰਘ ਰਿਆ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ, ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਵੱਲੋਂ ਸਮੁੱਚੀ ਨਾਨਕ ਨਾਮ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ ।
ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਹੁੰਦਾ ਹੋਇਆ ਸਰਹਿੰਦ ਸ਼ਹਿਰ, ਸਰਹਿੰਦ ਮੰਡੀ, ਜੀ.ਟੀ ਰੋਡ ਬਾਡ਼ਾ ਤੋਂ ਵਾਪਸ ਚੁੰਗੀ ਨੰਬਰ ਚਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ਾਮ ਸਮੇਂ ਸਮਾਪਤ ਹੋਵੇਗਾ ।