Punjab
ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਨੂੰ ਮਿਲੀ ਜ਼ਮਾਨਤ

ਬਠਿੰਡਾ ‘ਚ ਹੈਰੋਇਨ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ‘ਇੰਸਟਾ ਕੁਈਨ’ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਪੁਲਸ ਨੇ ਉਸ ਨੂੰ 2 ਅਪ੍ਰੈਲ ਨੂੰ 17.71 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਇਹ ਮਾਮਲਾ ਸੂਬੇ ਭਰ ਵਿੱਚ ਸੁਰਖੀਆਂ ਵਿੱਚ ਰਿਹਾ ਸੀ।
ਵੀਰਵਾਰ ਨੂੰ ਬਠਿੰਡਾ ਦੀ ਐੱਨਡੀਪੀਐੱਸ ਮਾਮਲਿਆਂ ਦੀ ਵਿਸ਼ੇਸ਼ ਅਦਾਲਤ ਨੇ ਅਮਨਦੀਪ ਨੂੰ 50,000 ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ। ਉਸ ਦੇ ਵਕੀਲ ਵਿਸ਼ਵਦੀਪ ਸਿੰਘ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਅਮਨਦੀਪ ਨੂੰ ਫਸਾਇਆ ਗਿਆ ਹੈ ਅਤੇ ਉਸ ਤੋਂ ਕੋਈ ਵੀ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ।