Connect with us

Punjab

ਸੂਬਾ ਵਾਸੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ: ਮੀਤ ਹੇਅਰ

Published

on

ਚੰਡੀਗੜ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਸ਼ੁਰੂਆਤ ਪਹਿਲੇ ਛੇ ਮਹੀਨਿਆਂ ਵਿੱਚ ਹੀ ਹੋ ਗਈ ਹੈ। ਸੂਬਾ ਵਾਸੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ, ਇਥੋਂ ਤੱਕ ਕਿ ਜਿਹੜੇ ਵਾਅਦੇ ਨਹੀਂ ਵੀ ਕੀਤੇ, ਉਨਾਂ ਨੂੰ ਵੀ ਪੂਰਾ ਕੀਤਾ ਜਾਵੇਗਾ। ਇਹ ਗੱਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਥੇ ਇਕ ਨਿੱਜੀ ਚੈਨਲ ਵੱਲੋਂ ਕਰਵਾਏ ਪ੍ਰੋਗਰਾਮ ਦੌਰਾਨ ਸੰਬੋਧਨ ਹੁੰਦਿਆਂ ਕਹੀ।

ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਭ ਤੋਂ ਵੱਡਾ ਵਾਅਦਾ 600 ਯੂਨਿਟ ਮੁਫਤ ਬਿਜਲੀ ਦੇਣ ਦਾ ਪੂਰਾ ਕੀਤਾ ਗਿਆ ਜਿਸ ਨਾਲ 25 ਲੱਖ ਘਰੇਲੂ ਖਪਤਕਾਰਾਂ ਦਾ ਪਹਿਲੇ ਮਹੀਨੇ ਹੀ ਜ਼ੀਰੋ ਬਿੱਲ ਆਇਆ। ਇਸੇ ਤਰਾਂ 15 ਅਗਸਤ ਨੂੰ ਸੂਬੇ ਵਿੱਚ 100 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਕਾਰਵਾਈ ਆਰੰਭ ਦਿੱਤੀ ਹੈ। 25 ਹਜ਼ਾਰ ਸਰਕਾਰੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ। ਇਕ-ਇਕ ਕਰਕੇ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਿਹੜੇ ਵਾਅਦੇ ਨਹੀਂ ਕੀਤੇ, ਉਹ ਵੀ ਪੂਰੇ ਕੀਤੇ ਜਾ ਰਹੇ ਹਨ ਜਿਵੇਂ ਕਿ ਇਕ ਵਿਧਾਇਕ-ਇਕ ਪੈਨਸ਼ਨ, ਰਸੂਖਵਾਨਾਂ ਕੋਲੋਂ 9000 ਏਕੜ ਕਬਜ਼ਾ ਛੁਡਵਾਇਆ ਗਿਆ ਆਦਿ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਨੂੰ ਘਾਟੇ ਵਿੱਚੋਂ ਕੱਢ ਕੇ ਮੁਨਾਫੇ ਵਿੱਚ ਲਿਆਉਣ ਲਈ ਸੂਬਾ ਸਰਕਾਰ ਵੱਲੋਂ ਭਿ੍ਰਸ਼ਟਾਚਾਰ ਨੂੰ ਨੱਥ ਪਾਈ ਗਈ ਹੈ ਜਿਸ ਦੇ ਫਲਸਰੂਪ ਜੀ.ਐਸ.ਟੀ. ਵਿੱਚ 27 ਫੀਸਦੀ ਰਿਕਾਰਡ ਵਾਧਾ ਹੋਇਆ। ਨੌਜਵਾਨਾਂ ਲਈ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਉਦਯੋਗਾਂ ਨੂੰ ਸੂਬੇ ਵਿੱਚ ਨਿਵੇਸ਼ ਲਈ ਪ੍ਰੇਰਿਆ ਜਾ ਰਿਹਾ ਹੈ। ਟਾਟਾ ਗਰੁੱਪ ਵੱਲੋਂ 2600 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਪ੍ਰਸ਼ਾਸਕੀ ਸੁਧਾਰਾਂ ਜ਼ਰੀਏ ਨਿਵੇਸ਼ ਪੱਖੀ ਮਾਹੌਲ ਸਿਰਜਿਆ ਜਾ ਰਿਹਾ ਹੈ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਸੁਖਾਲੀਆ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣੀਆਂ ਮੁੱਖ ਤਰਜੀਹ ਹੈ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਨਸ਼ਿਆਂ ਨੂੰ ਜੜੋਂ ਖਤਮ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਖੇਡਾਂ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਨੌਜਵਾਨਾਂ ਦੀ ਊਰਜਾ ਸਹੀ ਪਾਸੇ ਲਾਉਣ ਲਈ ਖੇਡਾਂ ਹੀ ਮੁੱਖ ਜ਼ਰੀਆ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਰਾਸ਼ਟਰਮੰਡਲ ਖੇਡਾਂ ਦੇ ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ ਗਿਆ। ਪਹਿਲੀ ਵਾਰ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਨਗਦ ਰਾਸ਼ੀ ਨਾਲ ਸਨਮਾਨਤ ਕੀਤਾ। ਉਘੇ ਖਿਡਾਰੀਆਂ ਨੂੰ ਵਜ਼ੀਫਾ ਦੇਣ ਲਈ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਸ਼ੁਰੂ ਕੀਤੀ ਗਈ।